- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਰੀਟੋਰੀਅਸ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਇੰਜ ਹੀ ਬਾਕੀ ਸ਼ਹਿਰਾਂ ਵਿਚਲੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ ਬਾਹਰ ਰੋਸ ਮੁਜ਼ਾਹਰੇ ਕੀਤੇ ਗਏ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੈਰੀਟੋਰੀਅਸ ਸਕੂਲ ਸੈਕਟਰ-70 ਦੇ ਗੇਟ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਮੈਰੀਟੋਰੀਅਸ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਇੰਜ ਹੀ ਬਾਕੀ ਸ਼ਹਿਰਾਂ ਵਿਚਲੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ ਬਾਹਰ ਰੋਸ ਮੁਜ਼ਾਹਰੇ ਕੀਤੇ ਗਏ।
ਇਸੇ ਦੌਰਾਨ ਦਲਿਤ ਚੇਤਨਾ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਵੀ ਧਰਨੇ ’ਚ ਸ਼ਮੂਲੀਅਤ ਕੀਤੀ ਤੇ ਅਧਿਆਪਕਾਂ ਦੇ ਹੱਕੀ ਸੰਘਰਸ਼ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮੈਰੀਟੋਰੀਅਸ ਸਕੂਲਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦੀ ਰਾਹ 'ਤੇ ਹਨ। ਲੇਕਿਨ ਹੁਣ ਤੱਕ ਉਨ੍ਹਾਂ ਦੀ ਕਿਸੇ ਨੇ ਬਾਂਹ ਨਹੀਂ ਫੜੀ। ਪੀੜਤ ਅਧਿਆਪਕਾਂ ਨੇ ਇਨਸਾਫ਼ ਦੀ ਉਮੀਦ ਛੱਡ ਕੇ ਹੁਣ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਅੱਜ ਅਧਿਆਪਕ ਦਿਵਸ ਮੌਕੇ ਵਿਕਾਸ ਭਵਨ ਮੁਹਾਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬਾ ਪੱਧਰੀ ਸਮਾਗਮ ’ਚ ਹਿੱਸਾ ਲਿਆ ਤੇ ਸਰਕਾਰੀ ਸਕੂਲਾਂ ਦੇ 75 ਅਧਿਆਪਕਾਂ ਤੇ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ।
ਡਾ. ਟੀਨਾ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਆਪਣੀ ਮਿਹਨਤ ਤੇ ਯੋਗਤਾ ਨਾਲ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿੱਖਿਆ ਵਿਭਾਗ ’ਚ ਪੱਕਾ ਕਰਨ ਦੀ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ। ਜਿਹੜੇ ਅਧਿਆਪਕ ਪੰਜਾਬ ਦੇ ਬੱਚਿਆਂ ਦਾ ਭਵਿੱਖ ਤਿਆਰ ਕਰਨ ’ਚ ਜੁਟੇ ਹੋਏ ਹਨ, ਹੁਣ ਉਨ੍ਹਾਂ ਅਧਿਆਪਕਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ। ਰੋਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ’ਚ ਪੱਕਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਜਾਇਜ਼ ਮੰਗ ਨੂੰ ਹੋਰ ਲਟਕਾਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਗੁਪਤ ਐਕਸ਼ਨ ਕੀਤੇ ਜਾਣਗੇ।