ਲਾਪਤਾ ਸਰੂਪਾਂ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ SIT ਨੂੰ ਸੌਂਪਿਆ ਰਿਕਾਰਡ, ਐਡਵੋਕੇਟ ਧਾਮੀ ਦੀ ਹਾਜ਼ਰੀ 'ਚ ਹੋਈ ਕਾਰਵਾਈ
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਰਿਕਾਰਡ ਸੌਂਪ ਦਿੱਤਾ ਹੈ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਜਗਤਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਵੀਰਵਾਰ ਬਾਅਦ ਦੁਪਹਿਰ ਕਰੀਬ ਦੋ ਵਜੇ ਦਸਤਕ ਦਿੱਤੀ। ਦੱਸਿਆ ਜਾਂਦਾ ਹੈ ਕਿ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਉਪਲੱਬਧ ਰਿਕਾਰਡ ਪ੍ਰਾਪਤ ਕਰਨ ਲਈ ਆਪਣੇ ਨਾਲ ਫੋਟੋ ਸਟੇਟ, ਪ੍ਰਿੰਟਰ ਵੀ ਲੈ ਕੇ ਆਏ ਸਨ, ਤਾਂ ਜੋ ਲੋੜ ਮੁਤਾਬਕ ਲੋੜੀਂਦੇ ਰਿਕਾਰਡ ਦੀ ਫੋਟੋ ਕਾਪੀ ਕੀਤੀ ਜ
Publish Date: Fri, 30 Jan 2026 11:09 AM (IST)
Updated Date: Fri, 30 Jan 2026 11:41 AM (IST)

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਰਿਕਾਰਡ ਸੌਂਪ ਦਿੱਤਾ ਹੈ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਜਗਤਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਵੀਰਵਾਰ ਬਾਅਦ ਦੁਪਹਿਰ ਕਰੀਬ ਦੋ ਵਜੇ ਦਸਤਕ ਦਿੱਤੀ। ਦੱਸਿਆ ਜਾਂਦਾ ਹੈ ਕਿ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਉਪਲੱਬਧ ਰਿਕਾਰਡ ਪ੍ਰਾਪਤ ਕਰਨ ਲਈ ਆਪਣੇ ਨਾਲ ਫੋਟੋ ਸਟੇਟ, ਪ੍ਰਿੰਟਰ ਵੀ ਲੈ ਕੇ ਆਏ ਸਨ, ਤਾਂ ਜੋ ਲੋੜ ਮੁਤਾਬਕ ਲੋੜੀਂਦੇ ਰਿਕਾਰਡ ਦੀ ਫੋਟੋ ਕਾਪੀ ਕੀਤੀ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ। ਇੱਥੇ ਦੱਸਿਆ ਜਾਂਦਾ ਹੈ ਕਿ ਐੱਸਪੀ (ਡੀ) ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਟੀਮ ਬੁੱਧਵਾਰ ਨੂੰ ਵੀ ਉਪ ਦਫ਼ਤਰ ਵਿਖੇ ਪੁੱਜੀ ਸੀ ਪਰ ਟੀਮ ਨੂੰ ਕੋਈ ਰਿਕਾਰਡ ਨਹੀਂ ਦਿੱਤਾ ਗਿਆ ਸੀ।
ਜਾਣਕਾਰੀ ਅਨੁਸਾਰ ਕਰੀਬ ਤਿੰਨ ਘੰਟੇ ਤੱਕ ਜਾਂਚ ਟੀਮ ਸ਼ੋ੍ਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ ਰਹੀ। ਸ਼ੋ੍ਮਣੀ ਕਮੇਟੀ ਦੇ ਸਟਾਫ ਨੇ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਦੀ ਹਾਜ਼ਰੀ ਵਿਚ ਵਿਸ਼ੇਸ਼ ਜਾਂਚ ਟੀਮ ਨੂੰ ਸਬੰਧਤ ਰਿਕਾਰਡ, ਦਸਤਾਵੇਜ਼ ਦੀਆਂ ਫੋਟੋਆਂ ਕਾਪੀਆਂ ਉਪਲੱਬਧ ਕਰਵਾਈਆਂ। ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੂੰ ਰਿਕਾਰਡ ਉਪਲੱਬਧ ਕਰਵਾ ਦਿੱਤਾ ਹੈ, ਜੇਕਰ ਉਹਨਾਂ (ਟੀਮ)ਨੂੰ ਹੋਰ ਰਿਕਾਰਡ, ਦਸਤਾਵੇਜ਼ ਦੀ ਲੋੜ ਹੋਈ, ਉਹ ਵੀ ਦਿੱਤਾ ਜਾਵੇਗਾ। ਧਾਮੀ ਨੇ ਕਿਹਾ ਕਿ ਇਹ ਬੇਅਦਬੀ ਦਾ ਮਾਮਲਾ ਨਹੀਂ ਹੈ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਾਪਤਾ ਨਹੀਂ ਹੋਏ, ਇਹ ਰਿਕਾਰਡ ਨਾਲ ਛੇੜਛਾੜ ਦਾ ਮਾਮਲਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਜਾਂਚ ਟੀਮ ਪਹਿਲਾਂ ਹੀ ਮਾਮਲੇ ਦੀ ਡੂੰਘੀ ਜਾਂਚ ਕਰ ਚੁੱਕੀ ਹੈ ਅਤੇ ਦੋਸ਼ੀ ਪਾਏ ਗਏ ਮੁਲਾਜ਼ਮਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ।
ਵਰਨਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦਾ ਮਾਮਲਾ ਕਈ ਸਾਲਾਂ ਤੋਂ ਭਖਿਆ ਹੋਇਆ ਹੈ। ਸ਼ੋ੍ਮਣੀ ਕਮੇਟੀ ਦੇ ਸਾਬਕਾ ਮੁਲਾਜ਼ਮ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਸਨ। ਮੌਜੂਦਾ ਸਰਕਾਰ ਨੇ ਇਸ ਮੁੱਦੇ ’ਤੇ ਪਿਛਲੇ ਦਿਨ ਕੇਸ ਦਰਜ ਕਰ ਕੇ ਜਗਤਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਤਕਰੀਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਗਾਂ ਨੇੜੇ ਇਕ ਡੇਰੇ ਤੋਂ ਵੱਡੀ ਗਿਣਤੀ ਵਿਚ ਸਰੂਪ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਮੁੱਖ ਮੰਤਰੀ ਦੇ ਇਸ ਬਿਆਨ ਨਾਲ ਸੂਬੇ ਦੀ ਸਿਆਸਤ ਭਖ ਗਈ। ਡੇਰੇ ਦੇ ਆਗੂਆਂ ਨੇ ਇਸ ਦਾ ਡਟਵਾਂ ਵਿਰੋਧ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਮਰਿਆਦਾ ਅਨੁਸਾਰ ਸੁਸ਼ੋਭਿਤ ਹੋਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੇਰੇ ਪੁੱਜੇ ਸਨ। ਬੰਗਾਂ ਦੇ ਵਿਧਾਇਕ ਸੁਖਵਿੰਦਰ ਸੁੱਖੀ ਨੇ ਰੋਸ ਵਜੋਂ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।