ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਟ੍ਰੈਫਿਕ ਇੰਚਾਰਜ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਟ੍ਰੈਫਿਕ ਇੰਚਾਰਜ ਦਾ ਵਿਸ਼ੇਸ਼ ਸਨਮਾਨ
Publish Date: Sat, 07 Feb 2026 05:13 PM (IST)
Updated Date: Sat, 07 Feb 2026 05:14 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੁਰਿੰਦਰ ਸਿੰਘ ਵੱਲੋਂ ਆਪਣੀ ਡਿਊਟੀ ਪ੍ਰਤੀ ਦਿਖਾਈ ਗਈ ਲਗਨ, ਇਮਾਨਦਾਰੀ ਅਤੇ ਲੋਕਾਂ ਦੀ ਸੁਰੱਖਿਆ ਲਈ ਦੇਰ ਰਾਤ ਤੱਕ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨਾ ਸਿਰਫ਼ ਦਿਨ ਵੇਲੇ ਬਲਕਿ ਦੇਰ ਰਾਤ ਤੱਕ ਸੜਕਾਂ ਤੇ ਮੁਸਤੈਦ ਰਹਿ ਕੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਕਾਰਜਸ਼ੈਲੀ ਦੂਜੇ ਮੁਲਾਜ਼ਮਾਂ ਲਈ ਵੀ ਇਕ ਪ੍ਰੇਰਨਾ ਸਰੋਤ ਹੈ। ਸੁਰਿੰਦਰ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਮਿਹਨਤੀ ਅਤੇ ਇਮਾਨਦਾਰ ਅਧਿਕਾਰੀਆਂ ਦਾ ਸਨਮਾਨ ਕਰਨਾ ਸਰਕਾਰ ਦਾ ਫ਼ਰਜ਼ ਹੈ ਤਾਂ ਜੋ ਪ੍ਰਸ਼ਾਸਨ ਵਿਚ ਹੋਰ ਸੁਧਾਰ ਆ ਸਕੇ। ਇਸ ਮੌਕੇ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਆਪਣੀ ਡਿਊਟੀ ਇਸੇ ਤਰ੍ਹਾਂ ਸੇਵਾ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ।