ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਬਣ ਰਹੇ ਖੇਡ ਮੈਦਾਨਾਂ ਦਾ ਜਾਇਜ਼ਾ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਬਣ ਰਹੇ ਖੇਡ ਮੈਦਾਨਾਂ ਦਾ ਜਾਇਜ਼ਾ
Publish Date: Wed, 01 Apr 2026 06:42 PM (IST)
Updated Date: Wed, 01 Apr 2026 06:46 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਰੰਧਾਵਾ ਨੇ ਪਿੰਡ ਸੁੰਡਰਾ, ਬੋਹੜਾ, ਬਰੌਲੀ, ਅਮਲਾਲਾ, ਜਵਾਹਰਪੁਰ, ਮੁਕੰਦਪੁਰ, ਮੀਆਂਪੁਰ, ਬੀਜਣਪੁਰ, ਸਮਗੌਲੀ, ਭਾਗਸੀ ਅਤੇ ਬੜਾਨਾ ਸਮੇਤ ਹੋਰ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉੱਚ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿਆਰੀ ਸਮੱਗਰੀ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੀ ਤਿਆਰੀ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਸਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਨੂੰ ਲੈ ਕੇ ਨੌਜਵਾਨਾਂ ਵਿਚ ਖੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਇਕ ਤੰਦਰੁਸਤ ਅਤੇ ਨਸ਼ਾ-ਮੁਕਤ ਪੰਜਾਬ ਵੱਲ ਵਧਦੇ ਕਦਮ ਦੀ ਸਪੱਸ਼ਟ ਨਿਸ਼ਾਨੀ ਹੈ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿਚ ਸਹਿਯੋਗ ਦੇਣ। ਇਸ ਮੌਕੇ ਪਿੰਡਾਂ ਦੇ ਸਰਪੰਚਾਂ ਅਤੇ ਸਥਾਨਕ ਨਿਵਾਸੀਆਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਚੱਲ ਰਹੇ ਵਿਕਾਸ ਕਾਰਜਾਂ ’ਤੇ ਸੰਤੁਸ਼ਟੀ ਜਤਾਈ ਗਈ। ਇਸ ਮੌਕੇ ਐੱਸਡੀਐੱਮ ਡੇਰਾਬੱਸੀ ਅਮਿਤ ਗੁਪਤਾ, ਐੱਸਡੀਓ ਪੰਚਾਇਤੀ ਰਾਜ, ਪੰਚਾਇਤ ਅਫ਼ਸਰ, ਸਬੰਧਤ ਪਿੰਡਾਂ ਦੇ ਸਕੱਤਰ, ਸਰਪੰਚ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।