ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ
Publish Date: Mon, 28 Sep 2026 07:54 PM (IST)
Updated Date: Mon, 28 Sep 2026 07:57 PM (IST)
-ਪੰਜਾਬ ਦੇ 909 ਸੂਚੀਬੱਧ ਹਸਪਤਾਲਾਂ ’ਚ 2,356 ਇਲਾਜ ਪੈਕੇਜ ਉਪਲਬਧ : ਕੁਲਵੰਤ ਸਿੰਘ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਦੇ ਸੈਕਟਰ-69 ਸਥਿਤ ਆਰੋਗਿਆ ਕੇਂਦਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ। ਉਨ੍ਹਾਂ ਨੇ ਇਸ ਯੋਜਨਾ ਤਹਿਤ ਸਿਹਤ ਸੇਵਾਵਾਂ ਦੀ ਵਿਆਪਕ ਆਮ ਨਾਗਰਿਕਾਂ ਤੱਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ’ਚ ਵੱਖ-ਵੱਖ ਬਿਮਾਰੀਆਂ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਪਰਿਵਾਰਾਂ ’ਤੇ ਸਿਹਤ ਸੇਵਾਵਾਂ ਦਾ ਵਿੱਤੀ ਬੋਝ ਘਟਾਉਣ ’ਚ ਮਦਦ ਕੀਤੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਤੁਰੰਤ ਇਲਾਜ ਦੇ ਖ਼ਰਚਿਆਂ ਦੀ ਚਿੰਤਾ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਪ੍ਰਾਪਤ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਭਰ ’ਚ 54 ਲੱਖ ਤੋਂ ਵੱਧ ਪਰਿਵਾਰ ਇਸ ਯੋਜਨਾ ਤਹਿਤ ਰਜਿਸਟਰਡ ਹੋ ਚੁੱਕੇ ਹਨ, ਜਦਕਿ ਮੁਹਾਲੀ ਜ਼ਿਲ੍ਹੇ ਵਿੱਚ ਲਗਭਗ 1.80 ਲੱਖ ਲਾਭਪਾਤਰੀ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਵਿਧਾਇਕ ਨੇ ਕਿਹਾ ਕਿ ਯੋਜਨਾ ਤਹਿਤ 909 ਸੂਚੀਬੱਧ ਹਸਪਤਾਲਾਂ ’ਚ 2,356 ਇਲਾਜ ਪੈਕੇਜ ਉਪਲਬਧ ਹਨ, ਜਿਨ੍ਹਾਂ ’ਚ 684 ਨਿੱਜੀ ਅਤੇ 225 ਸਰਕਾਰੀ ਹਸਪਤਾਲ ਸ਼ਾਮਲ ਹਨ।ਇਹ ਸੂਚੀਬੱਧ ਸਿਹਤ ਸੰਸਥਾਵਾਂ ਸੂਬੇ ਭਰ ਦੇ ਲਾਭਪਾਤਰੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਇਸ ਮੌਕੇ ਸਰਸਵਤੀ ਕਾਲਜ ਆਫ਼ ਨਰਸਿੰਗ, ਘੜੂੰਆਂ ਦੇ ਵਿਦਿਆਰਥੀਆਂ ਨੇ ਸਿਹਤ ਕਾਰਡਾਂ ਦੀ ਮਹੱਤਤਾ ਅਤੇ ਯੋਜਨਾ ਤਹਿਤ ਉਪਲਬਧ ਸਿਹਤ ਸਹੂਲਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ। ਅੰਬਿਕਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੀ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਲਈ ਰੰਗ-ਬਿਰੰਗੀ ਰੰਗੋਲੀ ਬਣਾਈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਏਮਜ਼ ਮੁਹਾਲੀ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸਿੰਘ ਸੈਣੀ, ਐੱਸਐੱਮਓ ਡਾ. ਪਰਮਿੰਦਰਜੀਤ ਸਿੰਘ ਅਤੇ ਡਾ. ਤਰਨਜੋਤ ਕੌਰ ਮੌਜੂਦ ਸਨ।