ਤੀਰਥ ਯਾਤਰਾ: ਵਿਧਾਇਕ ਕੁਲਵੰਤ ਸਿੰਘ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ ਤੀਰਥ ਯਾਤਰਾ: ਵਿਧਾਇਕ ਕੁਲਵੰਤ ਸਿੰਘ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ
Publish Date: Fri, 25 Sep 2026 07:04 PM (IST)
Updated Date: Fri, 25 Sep 2026 07:06 PM (IST)
-ਸਾਰੀਆਂ ਲੋਕ-ਭਲਾਈ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ : ਕੁਲਵੰਤ ਸਿੰਘ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ੁੱਕਰਵਾਰ ਨੂੰ ਮੁਹਾਲੀ ਤੋਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-5, ਪਿੰਡ ਕੰਡਾਲਾ ਅਤੇ ਐਰੋਸਿਟੀ ’ਚੋਂ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਸਮੇਤ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇੰਜ ਹੀ ਖਾਟੂ ਸ਼ਿਆਮ, ਸਾਲਾਸਰ, ਵਰਿੰਦਾਵਨ ਅਤੇ ਹਰਿਦੁਆਰ ਆਦਿ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਆਪ ਆਗੂ ਅਨੂ ਬੱਬਰ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਸਰਪੰਚ ਕੰਡਾਲਾ, ਰਾਕੇਸ਼ ਗਰੋਵਰ, ਹਰਜੀਤ ਸਿੰਘ ਰੁੜਕਾ, ਦਵਿੰਦਰ ਸਿੰਘ ਨੰਡਿਆਲੀ, ਪ੍ਰਗਟ ਸਿੰਘ ਰਾਏਪੁਰ ਕਲਾਂ ਅਤੇ ਬਲਜੀਤ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਲੋਕਾਂ ਦੀ ਮੰਗ ਅਨੁਸਾਰ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਦੀ ਭਲਾਈ ਲਈ ਅਨੇਕਾਂ ਹੀ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਮੁਤਾਬਕ 600 ਯੂਨਿਟ ਬਿਜਲੀ ਮੁਆਫ਼ੀ ਦੀ ਯੋਜਨਾ ਦਾ ਲਾਭ ਵੀ ਲੋਕਾਂ ਨੂੰ ਮਿਲ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਵਿਕਸਿਤ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਲੋੜੀਂਦਾ ਸਾਮਾਨ ਅਤੇ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਧਿਆਨ ’ਚ ਰੱਖਦਿਆਂ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।