ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਤੰਗੋਰੀ ’ਚ ਮੁਹੱਲਾ ਕਲੀਨਿਕ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਤੰਗੋਰੀ ’ਚ ਮੁਹੱਲਾ ਕਲੀਨਿਕ ਦਾ ਉਦਘਾਟਨ
Publish Date: Wed, 14 Oct 2026 06:42 PM (IST)
Updated Date: Wed, 14 Oct 2026 06:45 PM (IST)
ਭਗਵੰਤ ਮਾਨ ਸਰਕਾਰ ਲੋਕਾਂ ਨੂੰ ਬੂਹੇ ’ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਕੁਲਵੰਤ ਸਿੰਘ ਪੰਜਾਬ ’ਚ ਹੁਣ 1245 ਮੁਹੱਲਾ ਕਲੀਨਿਕਾਂ ਰਾਹੀਂ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗਾ ਮੁਫ਼ਤ ਇਲਾਜ ਮੁਹੱਲਾ ਕਲੀਨਿਕਾਂ ’ਚ 107 ਕਿਸਮ ਦੀਆਂ ਦਵਾਈਆਂ ਤੇ 47 ਕਿਸਮ ਦੇ ਮੁਫ਼ਤ ਟੈੱਸਟ ਦੀ ਸੁਵਿਧਾ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ’ਚ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਤੰਗੋਰੀ ’ਚ ਮੁਹਾਲੀ ਹਲਕੇ ਦਾ 10ਵਾਂ ਮੁਹੱਲਾ ਕਲੀਨਿਕ ਸਥਾਪਿਤ ਕੀਤਾ ਗਿਆ ਜਿਸ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ’ਚ ਬੁੱਧਵਾਰ ਨੂੰ 154 ਨਵੇਂ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਹੁਣ ਸੂਬੇ ’ਚ ਮੁਹੱਲਾ ਕਲੀਨਿਕਾਂ ਦੀ ਗਿਣਤੀ 1245 ਹੋ ਗਈ ਹੈ। ਜਿੱਥੇ ਰੋਜ਼ਾਨਾ ਹਜ਼ਾਰਾਂ ਮਰੀਜ਼ ਇਲਾਜ ਕਰਵਾ ਰਹੇ ਹਨ। ਇਨ੍ਹਾਂ ਕਲੀਨਿਕਾਂ ’ਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਮੁਫ਼ਤ ਟੈੱਸਟ ਕੀਤੇ ਜਾਂਦੇ ਹਨ। ਇਨ੍ਹਾਂ ਸਿਹਤ ਕੇਂਦਰਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਘਰਾਂ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਨਾਲ ਤੰਗੋਰੀ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਜਾਂਚ, ਲੋੜੀਂਦੇ ਟੈੱਸਟਾਂ ਅਤੇ ਦਵਾਈਆਂ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਹਲਕੇ ’ਚ ਬਲੌਂਗੀ, ਲਾਂਡਰਾਂ, ਲਖਨੌਰ, ਸੈਕਟਰ-69, ਫੇਜ਼-11, ਫੇਜ਼-9, ਫੇਜ਼-7, ਫੇਜ਼-5 ਅਤੇ ਫੇਜ਼-1 ਵਿਚ ਪਹਿਲਾਂ ਹੀ ਮੁਹੱਲਾ ਕਲੀਨਿਕ ਚੱਲ ਰਹੇ ਹਨ। ਹੁਣ ਤੰਗੋਰੀ ’ਚ ਨਵੇਂ ਕਲੀਨਿਕ ਦੀ ਸ਼ੁਰੂਆਤ ਨਾਲ ਇਨ੍ਹਾਂ ਦੀ ਗਿਣਤੀ 10 ਹੋ ਗਈ ਹੈ। ਰੁਜ਼ਗਾਰ ਸਬੰਧੀ ਪੁੱਛੇ ਜਾਣ ’ਤੇ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਤੱਕ ਲਗਭਗ 80 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨੌਕਰੀਆਂ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇਣ ਦੇ ਆਧਾਰ ’ਤੇ ਪ੍ਰਦਾਨ ਕੀਤੀਆਂ ਗਈਆਂ ਹਨ। 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ’ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਸਰਪੰਚ ਕੁਲਦੀਪ ਸਿੰਘ, ਜਗਜੀਤ ਸਿੰਘ, ਜਸਵੀਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਸਤਨਾਮ ਸਿੰਘ, ਤਲਵਿੰਦਰ ਸਿੰਘ, ਐੱਸਐੱਮਓ ਡਾ. ਪ੍ਰੀਤ ਮੋਹਨ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਸਤਨਾਮ ਸਿੰਘ, ਸਤਨਾਮ ਸਿੰਘ ਸਰਪੰਚ, ਅਮਨਦੀਪ ਸਿੰਘ ਸਰਪੰਚ, ਗੁਰਦੇਸ ਸਿੰਘ ਸਰਪੰਚ, ਜਗਤਾਰ ਸਿੰਘ ਪੰਚ, ਹਰਮੇਸ਼ ਸਿੰਘ ਕੁੰਬੜਾ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਕੁਰੜਾ, ਚੇਤਨ ਸ਼ਰਮਾ, ਬਲਜੀਤ ਸਿੰਘ ਹੈਪੀ ਅਤੇ ਪ੍ਰਗਟ ਸਿੰਘ ਰਾਏਪੁਰ ਕਲਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।