ਸਟੇਟ ਬਿਊਰੋ, ਚੰਡੀਗੜ੍ਹ : ਕਾਂਗਰਸੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਮਾਮਲੇ 'ਚ ਕਾਂਗਰਸ ਪਾਰਟੀ ਵਿਚ 'ਪਾਵਰ ਗੇਮ' ਸ਼ੁਰੂ ਹੋ ਗਈ ਹੈ। ਇਕ ਪਾਸੇ ਜਿੱਥੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ ਵੱਡੀ ਗਿਣਤੀ ਵਿਚ ਵਿਧਾਇਕ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ ਤਾਂ ਦੂਜੇ ਪਾਸੇ ਮੁੱਖ ਮੰਤਰੀ ਦੇ ਕਰੀਬੀ ਮੰਤਰੀ ਤੇ ਸੰਸਦ ਮੈਂਬਰ ਇਸ ਫ਼ੈਸਲੇ ਦੇ ਸਮੱਰਥਨ ਵਿਚ ਉੱਤਰ ਆਏ ਹਨ।

ਇਨ੍ਹਾਂ ਮੰਤਰੀਆਂ ਤੇ ਸੰਸਦ ਮੈਂਬਰਾਂ ਨੇ ਤਾਂ ਆਪਣੀ ਪਾਰਟੀ ਦੇ ਆਗੂਆਂ ਨੂੰ ਨਸੀਹਤ ਵੀ ਦਿੱਤੀ ਹੈ ਕਿ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ ਜਿਸ ਨਾਲ ਪਾਰਟੀ ਦਾ ਨੁਕਸਾਨ ਹੋਵੇ। ਕੈਬਨਿਟ ਦੇ ਫ਼ੈਸਲੇ ਦੇ ਸਮੱਰਥਨ ਵਿਚ ਉੱਤਰਨ ਵਾਲੇ ਮੰਤਰੀਆਂ ਤੇ ਸੰਸਦ ਮੈਂਬਰਾਂ ਵਿਚ ਰਾਣਾ ਗੁਰਮੀਤ ਸਿੰਘ ਸੋਢੀ, ਸਾਧੂ ਸਿੰਘ ਧਰਮਸੋਤ, ਵਿਜੈਇੰਦਰ ਸਿੰਗਲਾ, ਅਰੁਣਾ ਚੌਧਰੀ, ਸੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਤੇ ਮੁਹੰਮਦ ਸਦੀਕ ਤੇ ਵਿਧਾਇਕਾਂ ਵਿਚ ਕੁਲਦੀਪ ਸਿੰਘ ਵੈਦ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਧਾਲੀਵਾਲ ਤੇ ਸਤਿਕਾਰ ਕੌਰ ਸ਼ਾਮਲ ਹਨ।

ਜਦਕਿ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਵੀ ਕੈਬਨਿਟ ਦੇ ਇਸ ਫ਼ੈਸਲੇ ਦਾ ਸਮੱਰਥਨ ਕੀਤਾ ਹੈ। ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਵੱਲ ਸਭ ਤੋੋਂ ਜ਼ਿਆਦਾ ਧਿਆਨ ਦਿੱਤਾ ਹੈ ਜਿਸ ਤਹਿਤ ਪਹਿਲਾਂ ਹੀ 17.60 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ ਜਿਸ ਵਿਚੋਂ 62,743 ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ, 9.97 ਲੱਖ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਲਈ ਮਦਦ ਦਿੱਤੀ ਗਈ ਹੈ ਤੇ 7,01, 804 ਨੂੰ ਪ੍ਰਾਈਵੇਟ ਸੈਕਟਰ ਵਿਚ ਨੌਕਰੀਆਂ ਮੁਹਈਆ ਕਰਵਾਈਆਂ ਗਈਆਂ ਹਨ।