ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਵਿਧਾਇਕ ਰੰਧਾਵਾ ਵੱਲੋਂ ਸੰਵਾਦ ਦੀ ਸ਼ੁਰੂਆਤ
ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐੱਮਐੱਲਏ ਰੰਧਾਵਾ ਵੱਲੋਂ ਸੰਵਾਦ ਦੀ ਸ਼ੁਰੂਆਤ
Publish Date: Thu, 26 Mar 2026 07:22 PM (IST)
Updated Date: Thu, 26 Mar 2026 07:26 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ’ਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਪਿੰਡਾਂ ਅਤੇ ਖੇਤਰਾਂ ’ਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ-ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪਿੰਡ ਬਾਕਰਪੁਰ ਟੈਂਕੀ ਵਿਖੇ ਅਜਿਹੀ ਹੀ ਇਕ ਸੰਵਾਦ ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, ਇਕ ਕਿਲੋ ਨਮਕ, 200 ਗਰਾਮ ਹਲਦੀ ਅਤੇ ਇਕ ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ। ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਆਮ ਲੋਕ ਅਤੇ ਪਾਰਟੀ ਆਗੂ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।