ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਰੰਧਾਵਾ ਨੇ 16ਵੀਂ ਬੱਸ ਕੀਤੀ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਰੰਧਾਵਾ ਨੇ 16ਵੀਂ ਬੱਸ ਕੀਤੀ ਰਵਾਨਾ
Publish Date: Wed, 01 Apr 2026 05:54 PM (IST)
Updated Date: Wed, 01 Apr 2026 05:58 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਡੇਰਾਬੱਸੀ ਦੇ ਮੁਬਾਰਕਪੁਰ ਤੋਂ ਸ਼ਰਧਾਲੂਆਂ ਦੀ ਦੂਜੀ ਤੇ ਹਲਕੇ ਦੀ 16ਵੀਂ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਖੇਤਰ ਦੇ ਬਜ਼ੁਰਗ ਅਤੇ ਹੋਰ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਮਾਜ ਦੇ ਬਜ਼ੁਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਅਜਿਹੇ ਲੋਕ ਹਨ, ਜਿਨ੍ਹਾਂ ਦੀ ਆਰਥਿਕ ਜਾਂ ਸਿਹਤ ਸਬੰਧੀ ਪਾਬੰਦੀਆਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਨਹੀਂ ਹੋ ਸਕਦੀ ਸੀ, ਪਰ ਇਸ ਯੋਜਨਾ ਰਾਹੀਂ ਹੁਣ ਉਨ੍ਹਾਂ ਦੇ ਸੁਪਨੇ ਸਾਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਨਾਲ ਯਾਤਰਾ ਸੁਖਦਾਈ ਅਤੇ ਚਿੰਤਾ-ਰਹਿਤ ਬਣਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਵਿਕਾਸ ਕਾਰਜ ਹੀ ਨਹੀਂ, ਸਗੋਂ ਲੋਕਾਂ ਦੀ ਆਧਿਆਤਮਿਕ ਅਤੇ ਸਮਾਜਿਕ ਭਲਾਈ ਨੂੰ ਵੀ ਯਕੀਨੀ ਬਣਾਉਣਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਮਨਾਂ ਵਿਚ ਸ਼ਰਧਾ ਦੇਖ ਕੇ ਉਨ੍ਹਾਂ ਨੂੰ ਵਿਸ਼ੇਸ਼ ਸੰਤੁਸ਼ਟੀ ਮਿਲਦੀ ਹੈ। ਉਨ੍ਹਾਂ ਨੇ ਯਾਤਰੀਆਂ ਲਈ ਸੁਖਮਈ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਬੱਸਾਂ ਨਿਰੰਤਰ ਰਵਾਨਾ ਕੀਤੀਆਂ ਜਾਂਦੀਆਂ ਰਹਿਣਗੀਆਂ, ਤਾਂ ਜੋ ਹੋਰ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।