ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਪੰਜਾਬ ਸਰਕਾਰ ਵਚਨਬੱਧ : ਰੰਧਾਵਾ ਵਿਧਾਇਕ ਰੰਧਾਵਾ ਵੱਲੋਂ ਝੋਨੇ ਦੀ ਆਮਦ ਦੇ ਮੱਦੇਨਜ਼ਰ ਬੈਠਕ, ਅਗਾਊਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
Publish Date: Wed, 16 Sep 2026 06:23 PM (IST)
Updated Date: Thu, 17 Sep 2026 04:02 AM (IST)
ਫੋਟੋ ਕੈਪਸ਼ਨ : ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕਰਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ। 07ਪੀ * ਵਿਧਾਇਕ ਵੱਲੋਂ ਝੋਨੇ ਦੀ ਆਮਦ ਦੇ ਮੱਦੇਨਜ਼ਰ ਬੈਠਕ, ਅਗਾਊਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ * ਕਿਸਾਨਾਂ ਨੂੰ ਮੌਸਮੀ ਖ਼ਰਾਬੀ ਤੋਂ ਬਚਾਉਣ ਲਈ ਮੰਡੀਆਂ ਵਿਚ ਵੱਧ ਤੋਂ ਵੱਧ ਸ਼ੈੱਡਾਂ ਦਾ ਪ੍ਰਬੰਧ ਕੀਤਾ ਗਿਆ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਵਿਧਾਨ ਸਭਾ ਹਲਕਾ ਡੇਰਾਬੱਸੀ ਅਧੀਨ ਪੈਂਦੀਆਂ ਦਾਣਾ ਮੰਡੀਆਂ ’ਚ ਆਉਣ ਵਾਲੇ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਤੋਂ ਬਚਾਉਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਖ਼ਰੀਦ ਏਜੰਸੀਆਂ, ਮਾਰਕੀਟ ਕਮੇਟੀਆਂ, ਆੜ੍ਹਤੀਆਂ ਤੇ ਸਬ-ਡਵੀਜ਼ਨ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਵਿਧਾਇਕ ਰੰਧਾਵਾ ਨੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਲਕੇ ਦੀਆਂ ਸਾਰੀਆਂ ਮੰਡੀਆਂ ’ਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਅਗਾਊਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖ਼ਰੀਦ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਵੀ ਮੰਡੀ ਵਿਚ ਪਹੁੰਚਣ ਵਾਲੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਲਿਫ਼ਟਿੰਗ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਕਿਸਾਨਾਂ ਨੂੰ ਬਿਨਾਂ ਕਿਸੇ ਬੇਲੋੜੀ ਉਡੀਕ ਦੇ ਮੰਡੀਆਂ ਤੋਂ ਵਿਹਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਬਨੂੜ ਤੇ ਰਾਜਪੁਰਾ ਨਾਲ ਲੱਗਦੇ ਇਲਾਕਿਆਂ ’ਚ ਸਬਜ਼ੀਆਂ ਦੀ ਕਾਸ਼ਤ ਹੋਣ ਕਾਰਨ ਝੋਨੇ ਦੀ ਫ਼ਸਲ ਕੁਝ ਖੇਤਰਾਂ ’ਚ ਅਗੇਤੀ ਤਿਆਰ ਹੋ ਜਾਂਦੀ ਹੈ, ਜਿਸ ਦੇ ਮੱਦੇਨਜ਼ਰ ਮੰਡੀਆਂ ਵਿਚ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੌਸਮ ਦੀ ਖ਼ਰਾਬੀ ਤੋਂ ਬਚਾਉਣ ਲਈ ਮੰਡੀਆਂ ਵਿਚ ਵੱਧ ਤੋਂ ਵੱਧ ਸ਼ੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਪ੍ਰਬੰਧਨ ਨਾਲ ਸਬੰਧਤ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਪੱਧਰ ’ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਵਿਧਾਇਕ ਨੇ ਬੈਠਕ ਵਿਚ ਸ਼ਾਮਲ ਕਿਸਾਨ ਵਿੰਗ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕੇਵਲ ਸੁੱਕੀ ਅਤੇ ਨਿਰਧਾਰਤ ਨਮੀ ਵਾਲੀ ਝੋਨੇ ਦੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਸੁੱਕਣ ਦੀ ਉਡੀਕ ਵਿਚ ਮੰਡੀ ’ਚ ਨਾ ਰੁਕਣਾ ਪਵੇ ਅਤੇ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਸਕੇ। ਇਸ ਮੌਕੇ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮਾਰਕੀਟ ਕਮੇਟੀ ਡੇਰਾਬੱਸੀ ਅਤੇ ਲਾਲੜੂ ਦੇ ਅਧਿਕਾਰੀ, ਅਨਾਜ ਮੰਡੀਆਂ ਦੇ ਆੜ੍ਹਤੀ, ਕਿਸਾਨ ਵਿੰਗ ਦੇ ਨੁਮਾਇੰਦੇ ਅਤੇ ਐੱਸਡੀਐੱਮ ਡੇਰਾਬੱਸੀ ਅਮਿਤ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।