ਮੌਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ, ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼
ਮੌਨਸੂਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਐੱਸਡੀਐੱਮ ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ।
Publish Date: Tue, 14 Jul 2026 12:09 PM (IST)
Updated Date: Tue, 14 Jul 2026 12:12 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ। ਮੌਨਸੂਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਐੱਸਡੀਐੱਮ ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ।
ਬੈਠਕ ’ਚ ਪੀਡਬਲਯੂਡੀ (ਸਟੇਟ ਤੇ ਨੈਸ਼ਨਲ ਹਾਈਵੇ), ਨਗਰ ਕੌਂਸਲ ਡੇਰਾਬੱਸੀ, ਮਾਈਨਿੰਗ ਤੇ ਡਰੇਨੇਜ ਵਿਭਾਗ ਤੇ ਬੀਡੀਪੀਓ ਦਫ਼ਤਰ ਡੇਰਾਬੱਸੀ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਮੌਨਸੂਨ ਦੌਰਾਨ ਪਾਣੀ ਦੀ ਨਿਕਾਸੀ, ਨਾਲਿਆਂ ਦੀ ਸਫ਼ਾਈ, ਸੜਕਾਂ ਦੀ ਸਥਿਤੀ ਤੇ ਸੰਭਾਵਿਤ ਪਾਣੀ ਭਰਨ ਵਾਲੇ ਖੇਤਰਾਂ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਵਿਧਾਇਕ ਰੰਧਾਵਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਮੌਨਸੂਨ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਤੇ ਸੁਵਿਧਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਵਿਭਾਗ ਪੂਰੀ ਤਰ੍ਹਾਂ ਤਿਆਰ ਰਹਿਣ। ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਆਸ਼ੂ ਉਪਨੇਜਾ, ਮੀਤ ਪ੍ਰਧਾਨ ਦਵਿੰਦਰ ਸੈਣੀ, ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਮਦਾਨ, ਵਾਈਸ ਪ੍ਰਧਾਨ ਅਮਨ ਰਾਣਾ ਤੇ ਵਿਧਾਇਕ ਦੇ ਸਲਾਹਕਾਰ ਰਾਹੁਲ ਕੌਸ਼ਿਕ ਵੀ ਹਾਜ਼ਰ ਸਨ।