ਵਿਧਾਇਕ ਰੰਧਾਵਾ ਵੱਲੋਂ ਸੰਵਾਦ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ
ਵਿਧਾਇਕ ਰੰਧਾਵਾ ਵੱਲੋਂ ਸੰਵਾਦ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧੀ ਗੱਲਬਾਤ
Publish Date: Sat, 04 Apr 2026 07:50 PM (IST)
Updated Date: Sat, 04 Apr 2026 07:52 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ ਤਹਿਤ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਦੇ ਆਗਾਂਪੁਰ, ਕੁਰਲੀ ਅਤੇ ਜਿਊਲੀ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਫ਼ੈਸਲੇ ਲੈ ਕੇ ਲੋਕ ਭਲਾਈ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਵੱਡੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਖ਼ਾਸ ਤੌਰ ’ਤੇ ਦੱਸਿਆ ਕਿ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਗਲੀਆਂ-ਨਾਲੀਆਂ ਦੀ ਸਫ਼ਾਈ, ਨਵੀਆਂ ਡਰੇਨਜ਼, ਸਾਫ਼ ਪੀਣ ਯੋਗ ਪਾਣੀ ਦੀ ਸੁਵਿਧਾ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਇਆ ਗਿਆ ਹੈ, ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮਿਲ ਰਹੀ ਹੈ ਅਤੇ ਹਸਪਤਾਲਾਂ ਵਿਚ ਮੁਫ਼ਤ ਅਤੇ ਵਧੀਆ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਸਮੁੱਚੀ ‘ਆਪ’ ਟੀਮ ਹਾਜ਼ਰ ਸੀ।