ਸੀਵਰੇਜ ਸਮੱਸਿਆ ਦੇ ਹੱਲ ਲਈ ਪ੍ਰੋਜੈਕਟ ਦਾ ਵਿਧਾਇਕ ਰੰਧਾਵਾ ਨੇ ਰੱਖਿਆ ਨੀਂਹ ਪੱਥਰ ਸੀਵਰੇਜ ਸਮੱਸਿਆ ਦੇ ਹੱਲ ਲਈ ਪ੍ਰੋਜੈਕਟ ਦਾ ਵਿਧਾਇਕ ਰੰਧਾਵਾ ਨੇ ਰੱਖਿਆ ਨੀਂਹ ਪੱਥਰ
Publish Date: Fri, 30 Oct 2026 05:49 PM (IST)
Updated Date: Fri, 30 Oct 2026 05:49 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਡੇਰਾਬੱਸੀ ਇਲਾਕੇ ਵਿਚ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ 62.58 ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਵੱਛ ਭਾਰਤ ਮਿਸ਼ਨ-2.0 ਤਹਿਤ ਇਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਰਹੇ। ਇਸ ਪ੍ਰੋਜੈਕਟ ਤਹਿਤ 16.69 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 9.77 ਕਿਲੋਮੀਟਰ ਰਾਈਜ਼ਿੰਗ ਮੇਨ ਵਿਛਾਈ ਜਾਵੇਗੀ। ਇਸ ਤੋਂ ਇਲਾਵਾ ਈਸਾਪੁਰ, ਮੁਬਾਰਕਪੁਰ ਅਤੇ ਹਰੀਪੁਰ ਕੂੜਾ ਵਿਖੇ ਤਿੰਨ ਸੀਵਰੇਜ ਟਰੀਟਮੈਂਟ ਪਲਾਂਟ (ਐੱਸਟੀਪੀ) ਸਥਾਪਤ ਕੀਤੇ ਜਾਣਗੇ। ਇਨ੍ਹਾਂ ਸਾਰੇ ਕੰਮਾਂ ਨੂੰ 18 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਤਿੰਨ ਥਾਵਾਂ ’ਤੇ ਬਣਨਗੇ ਸੀਵਰੇਜ ਟਰੀਟਮੈਂਟ ਪਲਾਂਟ : ਪ੍ਰੋਜੈਕਟ ਤਹਿਤ ਈਸਾਪੁਰ ਵਿਖੇ 3 ਐੱਮਐੱਲਡੀ, ਮੁਬਾਰਕਪੁਰ ਵਿਖੇ 3.5 ਐੱਮਐੱਲਡੀ ਅਤੇ ਹਰੀਪੁਰ ਕੂੜਾ ਵਿਖੇ 7.5 ਐੱਮਐੱਲਡੀ ਸਮਰੱਥਾ ਵਾਲੇ ਐੱਸਟੀਪੀ ਬਣਾਏ ਜਾਣਗੇ। ਇਨ੍ਹਾਂ ਪਲਾਂਟਾਂ ਰਾਹੀਂ ਗੰਦੇ ਪਾਣੀ ਦਾ ਵਿਗਿਆਨਕ ਢੰਗ ਨਾਲ ਇਲਾਜ ਕੀਤਾ ਜਾਵੇਗਾ, ਜਿਸ ਨਾਲ ਸੀਵਰੇਜ ਪ੍ਰਬੰਧਨ ਵਿਚ ਸੁਧਾਰ ਅਤੇ ਵਾਤਾਵਰਨ ਦੀ ਸੰਭਾਲ ’ਚ ਮਦਦ ਮਿਲੇਗੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਡੇਰਾਬੱਸੀ ਲਈ ਇਹ ਮਹੱਤਵਪੂਰਨ ਪ੍ਰੋਜੈਕਟ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਵਾਉਣ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ ਰੱਖੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸੈਣੀ, ਕੌਂਸਲਰ, ਵਾਰਡ ਇੰਚਾਰਜ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ, ਪੰਚ-ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।