- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰਵਿੰਦ ਕੇਜਰੀਵਾਲ ਨਾਲ ਵਿਧਾਇਕ ਰੰਧਾਵਾ ਨੇ ਕੀਤੀ ਮੁਲਾਕਾਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਲੀ ਵਿਖੇ ਸੱਚਖੰਡ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, ਹਲਕਾ ਡੇਰਾਬੱਸੀ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਵਿਧਾਇਕ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਡੇਰਾਬੱਸੀ ਦੇ ਵਿਕਾਸ ਕਾਰਜਾਂ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ, ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਾ ਅਤੇ ਪੰਜਾਬ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣਾ ਉਨ੍ਹਾਂ ਦੀ ਪਹਿਲ ਹੈ।