ਵਿਧਾਇਕ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 18ਵੀਂ ਬੱਸ ਰਵਾਨਾ
ਵਿਧਾਇਕ ਰੰਧਾਵਾ ਵੱਲੋਂ ਤੀਰਥ ਯਾਤਰਾ ਯੋਜਨਾ ਤਹਿਤ 18ਵੀਂ ਬੱਸ ਰਵਾਨਾ
Publish Date: Mon, 06 Apr 2026 05:28 PM (IST)
Updated Date: Mon, 06 Apr 2026 05:31 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਸੋਮਵਾਰ ਨੂੰ ਹਲਕੇ ਦੇ ਵਾਰਡ ਨੰ. 17 ਪਿੰਡ ਈਸਾਪੁਰ ਤੋਂ ਸ਼ਰਧਾਲੂਆਂ ਦੀ 18ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ, ਜੋ ਸ੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਵਿਧਾਇਕ ਰੰਧਾਵਾ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਯਾਤਰਾਵਾਂ ਦਾ ਸੁਵਿਧਾਜਨਕ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਖ਼ਾਸ ਤੌਰ ’ਤੇ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਉਹ ਆਸਾਨੀ ਨਾਲ ਆਪਣੀ ਧਾਰਮਿਕ ਆਸਥਾ ਨੂੰ ਪੂਰਾ ਕਰ ਸਕਣ। ਇਸ ਦੌਰਾਨ ਵਿਧਾਇਕ ਰੰਧਾਵਾ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਮਈ ਅਤੇ ਸੁਰੱਖਿਅਤ ਰਹੇ ਅਤੇ ਸਭ ’ਤੇ ਪਰਮਾਤਮਾ ਦੀ ਮਿਹਰ ਬਣੀ ਰਹੇ। ਇਸ ਮੌਕੇ ਸਥਾਨਕ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਆਦਿ ਮੌਜੂਦ ਸਨ।