ਵਿਧਾਇਕ ਵੱਲੋਂ ਯਾਤਰੀਆਂ ਦੀ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
ਵਿਧਾਇਕ ਰੰਧਾਵਾ ਵੱਲੋਂ ਯਾਤਰੀਆਂ ਦੀ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
Publish Date: Sun, 08 Feb 2026 05:53 PM (IST)
Updated Date: Sun, 08 Feb 2026 05:56 PM (IST)

ਸਰਕਾਰ ਵੱਲੋਂ ਕੀਤਾ ਜਾਵੇਗਾ ਯਾਤਰੀਆਂ ਲਈ ਆਉਣ ਜਾਣ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਨਿੰਬੂਆਂ ਤੋਂ ਯਾਤਰੀਆਂ ਦੀ ਬੱਸ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਤਰੀਆਂ ਲਈ ਆਉਣ ਜਾਣ, ਰਹਿਣ-ਸਹਿਣ ਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਤਿੰਨ ਦਿਨਾਂ ਯਾਤਰਾ ਦੌਰਾਨ ਯਾਤਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ਼, ਭਗਵਾਨ ਵਾਲਮੀਕਿ ਤੀਰਥ ਸਥਾਨ ਅਤੇ ਵਾਹਗਾ ਸਰਹੱਦ ’ਤੇ ਜਾਣਗੇ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਹੋਣ ਕਾਰਨ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਕ ਚੰਗਾ ਉਪਰਾਲਾ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸ਼ਰਧਾ ਅਤੇ ਆਸਥਾ ਨੂੰ ਦੇਖਦਿਆਂ ਇਹ ਲੋਕਹਿਤ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਯਾਤਰਾ ਤੇ ਜਾਣ ਵਾਲੀ ਸੰਗਤ ਵਿਚ ਪੂਰਾ ਖੁਸ਼ੀ ਦਾ ਮਾਹੌਲ ਸੀ। ਉਨ੍ਹਾਂ ਵੱਲੋਂ ਭਗਵੰਤ ਸਿੰਘ ਮਾਨ ਸਰਕਾਰ ਦੇ ਇਸ ਸੁਹਿਰਦ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਆਪਸੀ ਭਾਈਚਾਰੇ ਤੇ ਸਾਂਝੀਵਾਲਤਾ ਦਾ ਸੁਨੇਹਾ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਸਾਰੇ ਤੀਰਥ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਦਾ ਅਵਸਰ ਮਿਲਿਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਤੇ ਪੰਚਾਇਤ, ਯਾਤਰਾ ਕੋਆਰਡੀਨੇਟਰ ਜਸਵਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।