ਵਿਧਾਇਕ ਰੰਧਾਵਾ ਨੇ ਹਾਦਸੇ ’ਚ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ
ਵਿਧਾਇਕ ਰੰਧਾਵਾ ਨੇ ਹਾਦਸੇ ’ਚ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ
Publish Date: Mon, 02 Nov 2026 10:15 PM (IST)
Updated Date: Tue, 03 Nov 2026 04:06 AM (IST)
ਜੇਐੱਸ ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ : ਢਕੌਲੀ- ਪੰਚਕੂਲਾ ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੀ ਮਦਦ ਲਈ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਖ਼ੁਦ ਅੱਗੇ ਆਏ। ਹਾਦਸੇ ਸਮੇਂ ਵਿਧਾਇਕ ਦਾ ਕਾਫ਼ਲਾ ਉੱਥੋਂ ਲੰਘ ਰਿਹਾ ਸੀ। ਜ਼ਖ਼ਮੀ ਨੌਜਵਾਨਾਂ ਨੂੰ ਦੇਖਦਿਆਂ ਉਨ੍ਹਾਂ ਨੇ ਤੁਰੰਤ ਆਪਣਾ ਕਾਫ਼ਲਾ ਰੁਕਵਾਇਆ ਅਤੇ ਦੋਵਾਂ ਨੂੰ ਆਪਣੀ ਗੱਡੀ ’ਚ ਬਿਠਾ ਕੇ ਢਕੌਲੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਵਿਧਾਇਕ ਰੰਧਾਵਾ ਨੇ ਬਿਨਾਂ ਦੇਰੀ ਕੀਤੇ ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦਿਵਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਮੁਸੀਬਤ ’ਚ ਫਸੇ ਕਿਸੇ ਵੀ ਵਿਅਕਤੀ ਦੀ ਮਦਦ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ ਅਤੇ ਅਜਿਹੇ ਸਮੇਂ ਸਿਆਸੀ ਜਾਂ ਸਮਾਜਿਕ ਰੁਤਬੇ ਦੀ ਬਜਾਏ ਮਨੁੱਖਤਾ ਨੂੰ ਪਹਿਲ ਦੇਣੀ ਚਾਹੀਦੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਵੱਲੋਂ ਜ਼ਖ਼ਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਦੇ ਇਸ ਕਦਮ ਦੀ ਇਲਾਕੇ ’ਚ ਚਰਚਾ ਹੋ ਰਹੀ ਹੈ। ਸਥਾਨਕ ਲੋਕਾਂ ਨੇ ਉਨ੍ਹਾਂ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ।