ਸੂਬਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਜਦੋਂ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਅਤੇ ਤੇਲ ਕੰਪਨੀਆਂ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਰਹੀਆਂ ਹਨ, ਤਾਂ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਧਾਉਣ ਦੀ ਲੋੜ ਕਿਉਂ ਪਈ? ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ, ਮੋਦੀ ਸਰਕਾਰ ਲਗਾਤਾਰ ਕੀਮਤਾਂ ਵਧਾ ਕੇ ਨਾਗਰਿਕਾਂ ਦੀ ਲੁੱਟ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਪੈਸਾ ਵਸੂਲ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੀ ਸਖ਼ਤ ਨਿੰਦਾ ਕਰਦਿਆਂ, ਕਿਹਾ ਹੈ ਕਿ ਮੋਦੀ ਸਰਕਾਰ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰ ਰਹੀ ਹੈ, ਜਦਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹੋਈਆਂ ਸਨ ਅਤੇ ਤੇਲ ਕੰਪਨੀਆਂ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਰਹੀਆਂ ਸਨ।
ਵੜਿੰਗ ਨੇ ਤੇਲ ਦੀਆਂ ਕੀਮਤਾਂ ਵਿਚ ਤਾਜ਼ਾ ਵਾਧੇ ਦਾ ਹਵਾਲਾ ਦਿੰਦਿਆਂ, ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਇਹ ਵਾਧਾ ‘ਚੋਰੀ-ਛੁਪੇ’ ਕਰ ਰਹੀ ਹੈ ਅਤੇ ਕੀਮਤਾਂ ਨੂੰ ਪੜਾਅਵਾਰ ਢੰਗ ਨਾਲ ਵਧਾ ਕੇ ਲੋਕਾਂ ’ਤੇ ਬੋਝ ਪਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ 10 ਦਿਨਾਂ ਵਿੱਚ ਭਾਜਪਾ ਸਰਕਾਰ ਨੇ ਚੌਥੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਹਨ, ਜਿਸਨੂੰ ਉਨ੍ਹਾਂ ਨੇ ‘ਸਰਕਾਰ ਚਲਾਉਣਾ ਨਹੀਂ, ਸਗੋਂ ਲੋਕਾਂ ’ਤੇ ਯੋਜਨਾਬੱਧ ਤਰੀਕੇ ਨਾਲ ਮਹਿੰਗਾਈ ਥੋਪਣਾ’ ਕਰਾਰ ਦਿੱਤਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਜਦੋਂ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਅਤੇ ਤੇਲ ਕੰਪਨੀਆਂ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਰਹੀਆਂ ਹਨ, ਤਾਂ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਧਾਉਣ ਦੀ ਲੋੜ ਕਿਉਂ ਪਈ? ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ, ਮੋਦੀ ਸਰਕਾਰ ਲਗਾਤਾਰ ਕੀਮਤਾਂ ਵਧਾ ਕੇ ਨਾਗਰਿਕਾਂ ਦੀ ਲੁੱਟ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਪੈਸਾ ਵਸੂਲ ਰਹੀ ਹੈ।
ਵੜਿੰਗ ਨੇ ਕਿਹਾ ਕਿ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਪੈਟਰੋਲ 7.5 ਰੁਪਏ ਪ੍ਰਤੀ ਲੀਟਰ ਤੋਂ ਵੱਧ ਮਹਿੰਗਾ ਹੋ ਚੁੱਕਾ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਲਗਭਗ ਇੰਨਾ ਹੀ ਵਾਧਾ ਹੋਇਆ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਇਨ੍ਹਾਂ ਹਾਲਾਤਾਂ ਵਿੱਚ ਮੱਧ ਵਰਗ, ਕਿਸਾਨ, ਟਰਾਂਸਪੋਰਟਰ, ਛੋਟੇ ਵਪਾਰੀ, ਦਿਹਾੜੀਦਾਰ ਮਜ਼ਦੂਰ ਅਤੇ ਨੌਜਵਾਨ ਇਸ ਤਰ੍ਹਾਂ ਦੇ ਆਰਥਿਕ ਬੋਝ ਹੇਠ ਕਿਵੇਂ ਜੀਵਨ ਬਤੀਤ ਕਰਨਗੇ?
ਵੜਿੰਗ ਨੇ ਕਿਹਾ ਕਿ ਜਦੋਂ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੁੰਦੇ ਹਨ, ਤਾਂ ਹਰ ਪਰਿਵਾਰ ਦਾ ਬਜਟ ਵਿਗੜ ਜਾਂਦਾ ਹੈ। ਇਕ ਕਿਸਾਨ ਨੂੰ ਖੇਤੀਬਾੜੀ ਅਤੇ ਆਵਾਜਾਈ ਲਈ ਵੱਧ ਖ਼ਰਚ ਕਰਨਾ ਪੈਂਦਾ ਹੈ, ਇੱਕ ਮਜ਼ਦੂਰ ਨੂੰ ਆਉਣ-ਜਾਣ ਲਈ ਵੱਧ ਪੈਸੇ ਦੇਣੇ ਪੈਂਦੇ ਹਨ ਅਤੇ ਆਮ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਲੋੜੀਂਦੀਆਂ ਚੀਜ਼ਾਂ ’ਤੇ ਹੋਰ ਵੱਧ ਖ਼ਰਚ ਕਰਨਾ ਪੈਂਦਾ ਹੈ।