ਪ੍ਰਸ਼ਾਸਨ ਵਪਾਰੀਆਂ ਦੀਆਂ ਮੰਗਾਂ ਤੇ ਸ਼ਿਕਾਇਤਾਂ ਦੇ ਨਿਪਟਾਰਾ ਲਈ ਵਚਨਬੱਧ ਮੁਹਾਲੀ ਪ੍ਰਸ਼ਾਸਨ ਵਪਾਰੀਆਂ ਦੀਆਂ ਮੰਗਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ
Publish Date: Mon, 20 Jul 2026 06:07 PM (IST)
Updated Date: Tue, 21 Jul 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਤੇ ਕਾਰੋਬਾਰ ਅਨੁਕੂਲ ਮਾਹੌਲ ਸਿਰਜਣ ਦੇ ਉਦੇਸ਼ ਨਾਲ ਮੁਹਾਲੀ ਦੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਦੀ ਅਗਵਾਈ ਹੇਠ ਵਪਾਰੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਕੀਤੀ ਗਈ। ਡਾ. ਅੰਕਿਤਾ ਕਾਂਸਲ ਨੇ ਨਗਰ ਨਿਗਮ, ਸਥਾਨਕ ਸਰਕਾਰਾਂ ਵਿਭਾਗ, ਪਾਵਰਕਾਮ, ਪੁਲਿਸ, ਡਰੇਨੇਜ਼ ਵਿਭਾਗ, ਗਮਾਡਾ, ਪੀਡਬਲਿਯੂਡੀ ਤੇ ਹੋਰ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬੰਧਤ ਸ਼ਿਕਾਇਤਾਂ ਦਾ ਸਮਾਂਬੱਧ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਹੱਲ ’ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣ। ਮੀਟਿੰਗ ਦੌਰਾਨ ਵੱਖ-ਵੱਖ ਬਾਜ਼ਾਰਾਂ ਤੇ ਵਪਾਰਕ ਸੰਸਥਾਵਾਂ ਨਾਲ ਸਬੰਧਤ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਤੇ ਸ਼ਿਕਾਇਤਾਂ ਪ੍ਰਸ਼ਾਸਨ ਦੇ ਧਿਆਨ ’ਚ ਲਿਆਂਦੀਆਂ। ਵਪਾਰੀਆਂ ਵੱਲੋਂ ਬਾਜ਼ਾਰਾਂ ’ਚ ਬਿਜਲੀ ਸਪਲਾਈ, ਸਫ਼ਾਈ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸਟ੍ਰੀਟ ਲਾਈਟਾਂ, ਸੀਵਰੇਜ, ਗ਼ੈਰ-ਕਾਨੂੰਨੀ ਕਬਜ਼ਿਆਂ, ਨਾਜਾਇਜ਼ ਵੈਂਡਿੰਗ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਉਠਾਏ ਗਏ ਸਨ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀਆਂ ਦੇ ਹਰੇਕ ਮੁੱਦੇ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਤੇ ਪ੍ਰਸ਼ਾਸਨ ਵਿਚਕਾਰ ਲਗਾਤਾਰ ਸੰਵਾਦ ਨਾਲ ਨਾ ਸਿਰਫ਼ ਸਮੱਸਿਆਵਾਂ ਦਾ ਜਲਦ ਹੱਲ ਸੰਭਵ ਹੁੰਦਾ ਹੈ ਸਗੋਂ ਆਪਸੀ ਵਿਸ਼ਵਾਸ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਕੋਲ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਤੋਂ ਕੀਤਾ ਜਾਵੇ ਤੇ ਕੀਤੀ ਗਈ ਕਾਰਵਾਈ ਦੀ ਅਪਡੇਟ ਨਿਯਮਤ ਤੌਰ ’ਤੇ ਪੋਰਟਲ ’ਤੇ ਦਰਜ ਕੀਤੀ ਜਾਵੇ। ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।