ਗਣਤੰਤਰ ਦਿਵਸ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਸਾਂਝੀ ਸੁਰੱਖਿਆ ਰਣਨੀਤੀ ਤਿਆਰ
ਗਣਤੰਤਰ ਦਿਵਸ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਸਾਂਝੀ ਸੁਰੱਖਿਆ ਰਣਨੀਤੀ ਤਿਆਰ
Publish Date: Fri, 23 Jan 2026 06:40 PM (IST)
Updated Date: Fri, 23 Jan 2026 06:42 PM (IST)

ਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਗਣਤੰਤਰ ਦਿਵਸ ਦੀ ਆਮਦ ਨੂੰ ਮੁੱਖ ਰੱਖਦਿਆਂ ਮੁਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਥਾਂ-ਥਾਂ ਨਾਕੇਬੰਦੀ ਕਰਨ ਦੇ ਨਾਲ-ਨਾਲ ਹੁਣ ਚੰਡੀਗੜ੍ਹ ਦੇ ਨਾਲ ਲੱਗਦੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਚੰਡੀਗੜ੍ਹ ਪੁਲਿਸ ਨਾਲ ਵਿਸ਼ੇਸ਼ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਵੱਲੋਂ ਚੰਡੀਗੜ੍ਹ ਅਤੇ ਮੁਹਾਲੀ ਦੇ ਪੁਲਿਸ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਵਿਚ ਚੰਡੀਗੜ੍ਹ ਦੇ ਸਰਹੱਦੀ ਖੇਤਰਾਂ ਵਿਚ ਪੈਂਦੇ ਥਾਣਾ ਸੈਕਟਰ 36, 34, 49 ਅਤੇ 31 ਦੇ ਐੱਸਐੱਚਓਜ਼ ਅਤੇ ਮੁਹਾਲੀ ਦੇ ਥਾਣਾ ਫੇਜ਼-8, ਫੇਜ਼-11, ਸੋਹਾਣਾ ਅਤੇ ਆਈਟੀ ਸਿਟੀ ਦੇ ਐੱਸਐੱਚਓਜ਼ ਨੇ ਸ਼ਮੂਲੀਅਤ ਕੀਤੀ। ਬੈਠਕ ਦਾ ਮੁੱਖ ਮਕਸਦ ਆਪਸੀ ਤਾਲਮੇਲ ਰਾਹੀਂ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤੀ ਨਾਲ ਕਾਬੂ ਪਾਉਣਾ ਹੈ। ਜਾਣਕਾਰੀ ਸਾਂਝੀ ਕਰਨ ਅਤੇ ਸਾਂਝੀ ਗਸ਼ਤ ਤੇ ਜ਼ੋਰ ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ਤੇ ਇਹ ਬੈਠਕ ਕੀਤੀ ਗਈ ਹੈ। ਇਸ ਵਿਚ ਮੁੱਖ ਤੌਰ ਤੇ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ, ਸਾਂਝੀ ਗਸ਼ਤ ਵਧਾਉਣ ਅਤੇ ਰੋਕਥਾਮ ਦੀਆਂ ਰਣਨੀਤੀਆਂ ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਜਸ਼ਨਾਂ ਦੌਰਾਨ ਸਰਹੱਦਾਂ ਤੇ ਨਿਰਵਿਘਨ ਚੌਕਸੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਹਾਲੀ ਪੁਲਿਸ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਨਾਲ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।