ਤਪਦਿਕ ਦੀ ਜਾਂਚ ’ਚ ਜ਼ਿਲ੍ਹਾ ਮੁਹਾਲੀ ਪੰਜਾਬ ਭਰ ’ਚੋਂ ਮੋਹਰੀ
ਤਪਦਿਕ ਦੀ ਜਾਂਚ ’ਚ ਜ਼ਿਲ੍ਹਾ ਮੁਹਾਲੀ ਪੰਜਾਬ ਭਰ ’ਚੋਂ ਮੋਹਰੀ,
Publish Date: Thu, 19 Feb 2026 07:52 PM (IST)
Updated Date: Thu, 19 Feb 2026 07:54 PM (IST)

ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਨੂੰ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਟੀਬੀ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਐੱਸਏਐੱਸ ਨਗਰ ਨੇ ਪੰਜਾਬ ਭਰ ’ਚੋਂ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਇਸ ਪ੍ਰਾਪਤੀ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਹੈ। ਉਨ੍ਹਾਂ ਨੂੰ ਇਹ ਪੱਤਰ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਈ ਸੂਬਾ-ਪੱਧਰੀ ਸਿਵਲ ਸਰਜਨ ਕਾਨਫ਼ਰੰਸ ਦੌਰਾਨ ਦਿੱਤਾ ਗਿਆ। ਇਸ ਮੌਕੇ ਡਾ. ਸੰਗੀਤਾ ਜੈਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਤੇ ਨਾਲ ਹੀ ਆਖਿਆ ਕਿ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹੇ ਦੇ ਤਮਾਮ ਸਿਹਤ ਕਾਮਿਆਂ ਨੂੰ ਜਾਂਦਾ ਹੈ ਕਿ ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ। ਜ਼ਿਲ੍ਹੇ ਦੇ ਡੀਸੀ ਕੋਮਲ ਮਿੱਤਲ ਨੇ ਇਸ ਕਾਰਗੁਜ਼ਾਰੀ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਐੱਸਏਐੱਸ ਨਗਰ ਵਿਚ ਤਪਦਿਕ ਦੇ ਸ਼ੱਕੀ ਕੇਸਾਂ ਦੀ ਜਾਂਚ ਕਰਨ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ’ਚ ਤਮਾਮ ਸ਼ੱਕੀ ਕੇਸਾਂ ’ਚੋਂ 75 ਫ਼ੀਸਦੀ ਕੇਸਾਂ ਨੂੰ ਕਵਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜਾਂਚ ਕੈਂਪ ਲਗਾਏ ਜਾ ਰਹੇ ਹਨ, ਜਿਥੇ ਐਕਸਰੇ ਮਸ਼ੀਨ ਨਾਲ ਟੀਬੀ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਥੁੱਕ ਦੇ ਸੈਂਪਲ ਲਏ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਲੈਬ ਵਿਚ ਜਾਂਚ ਕੀਤੀ ਜਾਂਦੀ ਹੈ ਅਤੇ ਜੇ ਕਿਸੇ ਨੂੰ ਟੀਬੀ ਹੋਣ ਦੀ ਪੁਸ਼ਟੀ ਹੁੰਦੀ ਹੈ ਤਾਂ ਉਸ ਦਾ ਇਲਾਜ ਸ਼ੁਰੂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਹੋਣ ਨਾਲ ਬਿਮਾਰੀ ਦਾ ਸੌਖਿਆਂ ਹੀ ਪਤਾ ਚੱਲ ਜਾਂਦਾ ਹੈ, ਜਿਸ ਨਾਲ ਇਸ ਬਿਮਾਰੀ ਨੂੰ ਵਧੇਰੇ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਤਪਦਿਕ ਖ਼ਾਤਮਾ ਪ੍ਰੋਗਰਾਮ ਮਹਿਜ਼ ਇਕ ਪ੍ਰੋਗਰਾਮ ਹੀ ਨਹੀਂ ਸਗੋਂ ਇਹ ਲੋਕਾਂ ਦੀਆਂ ਜ਼ਿੰਦਗੀਆਂ ਬਣਾਉਣ ਦਾ ਇਕ ਮਿਸ਼ਨ ਹੈ। ਡਾ. ਜੈਨ ਨੇ ਉਮੀਦ ਪ੍ਰਗਟ ਕੀਤੀ ਕਿ ਜ਼ਿਲ੍ਹੇ ਦੇ ਤਮਾਮ ਸਿਹਤ ਮੁਲਾਜ਼ਮ ਅਤੇ ਅਧਿਕਾਰੀ ਤਪਦਿਕ ਦੇ ਖ਼ਾਤਮੇ ਲਈ ਹੋਰ ਜ਼ਿਆਦਾ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ।