ਮੁਹਾਲੀ ਨਗਰ ਨਿਗਮ ਵੱਲੋਂ 10 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਵਰਕ ਆਰਡਰ ਜਾਰੀ
ਮੁਹਾਲੀ ਨਗਰ ਨਿਗਮ ਵੱਲੋਂ 10 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਵਰਕ ਆਰਡਰ ਜਾਰੀ
Publish Date: Mon, 30 Mar 2026 07:31 PM (IST)
Updated Date: Mon, 30 Mar 2026 07:33 PM (IST)

- ਕਰੀਬ 10 ਕਰੋੜ ਰੁਪਏ ਦੇ ਹੋਰ ਅਨੁਮਾਨ ਪਾਸ ਕਰ ਕੇ ਮਨਜ਼ੂਰੀ ਲਈ ਵਿਭਾਗ ਨੂੰ ਭੇਜੇ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਸੋਮਵਾਰ ਨੂੰ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਮੁਹਾਲੀ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਲਗਭਗ 10 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਅਤੇ ਇੰਨੀ ਹੀ ਰਕਮ (10 ਕਰੋੜ ਰੁਪਏ) ਦੇ ਹੋਰ ਅਨੁਮਾਨ ਪਾਸ ਕਰ ਕੇ ਮਨਜ਼ੂਰੀ ਲਈ ਸਥਾਨਕ ਸਰਕਾਰ ਵਿਭਾਗ ਨੂੰ ਭੇਜੇ ਗਏ। ਮੇਅਰ ਜੀਤੀ ਸਿੱਧੂ ਦੀ ਇਹ ਆਖ਼ਰੀ ਬੈਠਕ ਮੰਨੀ ਜਾ ਰਹੀ ਹੈ ਕਿਉਂਕਿ ਅਪ੍ਰੈਲ ਦੇ ਦੂਜੇ ਹਫ਼ਤੇ ਮੇਅਰ ਅਤੇ ਬਾਕੀ ਕੌਂਸਲਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਬੈਠਕ ਵਿਚ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਐਨ-ਚੋਅ ਦੀ ਸਫ਼ਾਈ, ਨਗਰ ਨਿਗਮ ਵਿਚ ਸ਼ਾਮਲ ਕੀਤੇ ਗਏ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤੇ ਹੋਰ ਵਿਕਾਸ ਕਾਰਜਾਂ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁਵਿਧਾਜਨਕ ਬਣਾਉਣਾ ਨਗਰ ਨਿਗਮ ਦੀ ਨੈਤਿਕ ਜ਼ਿੰਮੇਵਾਰੀ ਹੈ। ਬੈਠਕ ਵਿਚ ਸੈਕਟਰ-76 ਤੋਂ 80 ਵਿਚ ਲੰਮੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜ ਵੀ ਚਰਚਾ ਦਾ ਕੇਂਦਰ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਸਾਰੇ ਵਿਕਾਸ ਕੰਮ ਜਲਦੀ ਮੁਕੰਮਲ ਕੀਤੇ ਜਾਣ। ਸੀਵਰੇਜ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਮੰਨਿਆ ਕਿ ਕਈ ਇਲਾਕਿਆਂ ਵਿਚ ਹਾਲੇ ਵੀ ਅਜਿਹੀਆਂ ਕਾਫ਼ੀ ਮੁਸ਼ਕਿਲਾਂ ਹਨ, ਜਿਨ੍ਹਾਂ ਨੂੰ ਜਲਦੀ ਦੂਰ ਕੀਤਾ ਜਾਵੇਗਾ। ਉਂਝ ਉਨ੍ਹਾਂ ਕਿਹਾ ਕਿ ਸਿਆਸੀ ਖਿਚੋਤਾਣ ਦੇ ਬਾਵਜੂਦ ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾਈ ਗਈ ਹੈ ਅਤੇ ਅਗਲੀਆਂ ਨਗਰ ਨਿਗਮ ਚੋਣਾਂ ਵੀ ਵਿਕਾਸ ਦੇ ਏਜੰਡੇ ’ਤੇ ਲੜੀਆਂ ਜਾਣਗੀਆਂ। ਬੈਠਕ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਜਸਵੀਰ ਸਿੰਘ ਮਾਣਕੂ, ਨਿਗਮ ਅਧਿਕਾਰੀ ਨਰੇਸ਼ ਬੱਤਾ ਅਤੇ ਹੋਰ ਅਧਿਕਾਰੀ ਆਦਿ ਹਾਜ਼ਰ ਸਨ।