ਮੁਹਾਲੀ ਨਿਗਮ ਦੀ ਪੰਜ ਸਾਲਾਂ ਦੀ ਕਾਰਗੁਜ਼ਾਰੀ ਜ਼ੀਰੋ : ਭਾਜਪਾ
ਮੁਹਾਲੀ ਨਗਰ ਨਿਗਮ ਦੀ ਪੰਜ ਸਾਲਾਂ ਦੀ ਕਾਰਗੁਜ਼ਾਰੀ ਜ਼ੀਰੋ : ਭਾਜਪਾ,
Publish Date: Sat, 11 Apr 2026 05:52 PM (IST)
Updated Date: Sat, 11 Apr 2026 05:54 PM (IST)

ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਕੌਂਸਲਰਾਂ ਨੇ ਮੁਹਾਲੀ ਨਗਰ ਨਿਗਮ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਨੂੰ ਜ਼ੀਰੋ ਦੱਸਦਿਆਂ ਕਿਹਾ ਕਿ ਕਾਬਜ਼ ਧਿਰ ਨੇ ਸ਼ਹਿਰ ਦੇ ਵਿਕਾਸ ਲਈ ਕੋਈ ਢੰਗ ਦੀ ਯੋਜਨਾ ਨਹੀਂ ਬਣਾਈ। ਭਾਜਪਾ ਦੇ ਸੀਨੀਅਰ ਆਗੂਆਂ ਅਰੁਣ ਸ਼ਰਮਾ, ਅਸ਼ੋਕ ਝਾਅ, ਸੈਹਬੀ ਆਨੰਦ, ਬੌਬੀ ਕੰਬੋਜ, ਸ਼ਲਿੰਦਰ ਆਨੰਦ ਅਤੇ ਹਰਦੇਵ ਸਿੰਘ ਉੱਭਾ ਨੇ ਦੋਸ਼ ਲਾਇਆ ਕਿ ਨਗਰ ਨਿਗਮ ਨੇ ਪੂਰੇ ਕਾਰਜਕਾਲ ਦੌਰਾਨ ਸ਼ਹਿਰ ਦੀ ਸਫ਼ਾਈ, ਸੜਕਾਂ, ਪੀਣ ਵਾਲੇ ਪਾਣੀ, ਲੋਕਲ ਟਰਾਂਸਪੋਟੇਸ਼ਨ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਆਮ ਨਾਗਰਿਕਾਂ ਨੂੰ ਵਾਂਝੇ ਰੱਖਿਆ ਗਿਆ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਮੁਹਾਲੀ ਦੇ ਲੋਕ ਟੁੱਟੀਆਂ ਸੜਕਾਂ, ਸੀਵਰੇਜ ਜਾਮ, ਕੂੜੇ ਦੇ ਢੇਰਾਂ, ਆਵਾਰਾ ਕੁੱਤਿਆਂ ਅਤੇ ਲਾਵਾਰਿਸ ਪਸ਼ੂਆਂ ਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਨਿਗਮ ਦੇ ਅਧਿਕਾਰੀਆਂ ਅਤੇ ਸੱਤਾ ’ਤੇ ਕਾਬਜ਼ ਧਿਰ ਨੇ ਲੋਕਾਂ ਦੀਆਂ ਉਪਰੋਕਤ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਨਗਰ ਨਿਗਮ ਨੇ ਵਿਕਾਸ ਦੇ ਨਾਮ ’ਤੇ ਸਿਰਫ਼ ਖ਼ਾਨਾਪੂਰਤੀ ਹੀ ਕੀਤੀ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਨਿਗਮ ਅਧਿਕਾਰੀ, ਮੇਅਰ ਅਤੇ ਵਿਧਾਇਕ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਨਹੀਂ ਸੁਧਰੇ ਤਾਂ ਭਾਜਪਾ ਲੋਕ ਹਿੱਤ ਵਿਚ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਵੇਗੀ।