ਗਣਤੰਤਰ ਦਿਵਸ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਗਣਤੰਤਰ ਦਿਵਸ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
Publish Date: Sat, 24 Jan 2026 07:43 PM (IST)
Updated Date: Sun, 25 Jan 2026 04:19 AM (IST)

ਫੋਟੋ ਕੈਪਸ਼ਨ: ਗਣਤੰਤਰ ਦਿਵਸ ਦੀ ਸੁਰੱਖਿਆ ਦੇ ਸਬੰਧ ਵਿੱਚ ਸਰਚ ਆਪਰੇਸ਼ਨ ਚਲਾਉਂਦੀ ਹੋਈ ਮੁਹਾਲੀ ਪੁਲਿਸ। ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਆਉਣ ਵਾਲੇ ਗਣਤੰਤਰ ਦਿਵਸ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮੁਹਾਲੀ ਪੁਲਿਸ ਵੱਲੋਂ ਪੂਰੇ ਸ਼ਹਿਰ ’ਚ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ। ਪੁਲਿਸ ਨੇ ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਤੇ ਨਾਕੇਬੰਦੀ ਕਰਨ ਦੇ ਨਾਲ-ਨਾਲ ਹੋਟਲਾਂ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡਾਂ ਦੀ ਵਿਸ਼ੇਸ਼ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਚੰਡੀਗੜ੍ਹ ਨਾਲ ਲੱਗਦੇ ਸਰਹੱਦੀ ਖੇਤਰਾਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਸ਼ੱਕੀ ਵਿਅਕਤੀਆਂ ਵਿਰੁੱਧ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ। ਚੈਕਿੰਗ ਦੌਰਾਨ ਪੁਲਿਸ ਵੱਲੋਂ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਹੋਟਲ ਮਾਲਕਾਂ ਨੂੰ ਸਖ਼ਤ ਹਦਾਇਤਾਂ ਡੀਐੱਸਪੀ ਬੱਲ ਨੇ ਦੱਸਿਆ ਕਿ ਸ਼ਹਿਰ ਦੇ ਹੋਟਲਾਂ, ਲਾਜਾਂ ਅਤੇ ਪੀ.ਜੀ. ਕੇਂਦਰਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਹੋਟਲ ਮਾਲਕਾਂ ਨੂੰ ਸਖ਼ਤ ਹਿਦਾਇਤ ਦਿੱਤੀ ਗਈ ਹੈ ਕਿ ਹਰ ਮੁਸਾਫ਼ਰ ਦਾ ਪਛਾਣ ਪੱਤਰ ਲਾਜ਼ਮੀ ਤੌਰ ਤੇ ਚੈੱਕ ਕੀਤਾ ਜਾਵੇ। ਕਿਸੇ ਵੀ ਸ਼ੱਕੀ ਵਿਅਕਤੀ ਦੀ ਆਮਦ ਹੋਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੀਸੀਟੀਵੀ ਕੈਮਰਿਆਂ ਦੀ ਕਾਰਜਸ਼ੀਲਤਾ ਯਕੀਨੀ ਬਣਾਈ ਜਾਵੇ। ਜਨਤਾ ਨੂੰ ਅਪੀਲ ਪੁਲਿਸ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਕੋਈ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ, ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਹੋਰ ਪੁਲਿਸ ਅਧਿਕਾਰੀ ਵੀ ਸੁਰੱਖਿਆ ਡਿਊਟੀ ਤੇ ਮੁਸਤੈਦ ਨਜ਼ਰ ਆਏ।