ਮੁਹਾਲੀ ਦੇ ਨੌਜਵਾਨ ਸਮਾਜ ਸੇਵੀ ਰੂਪਾ ਸੋਹਾਣਾ ਭਾਜਪਾ ’ਚ ਸ਼ਾਮਲ
ਮੁਹਾਲੀ ਦੇ ਨੌਜਵਾਨ ਸਮਾਜ ਸੇਵੀ ਰੂਪਾ ਸੋਹਾਣਾ ਭਾਜਪਾ ਵਿਚ ਸ਼ਾਮਲ,
Publish Date: Sat, 21 Mar 2026 07:43 PM (IST)
Updated Date: Sat, 21 Mar 2026 07:46 PM (IST)

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਹੋਈ ਐਂਟਰੀ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਨੌਜਵਾਨ ਸਮਾਜ ਸੇਵੀ ਆਗੂ ਰੂਪਾ ਸੋਹਾਣਾ ਨੇ ਭਾਜਪਾ ’ਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਮੁਹਾਲੀ ਦੇ ਸਾਬਕਾ ਕੌਂਸਲਰ ਅਤੇ ਭਾਜਪਾ ਆਗੂ ਅਸ਼ੋਕ ਝਾਅ ਸਮੇਤ ਕਈ ਹੋਰ ਪਾਰਟੀ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਵੱਧ ਰਹੀ ਭਾਗੀਦਾਰੀ ਨਾਲ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਸਕਾਰਾਤਮਕ ਅਸਰ ਸਿਆਸੀ ਮੈਦਾਨ ਵਿਚ ਵੀ ਵੇਖਣ ਨੂੰ ਮਿਲੇਗਾ। ਭਾਜਪਾ ਵਿਚ ਸ਼ਾਮਲ ਹੋਣ ਉਪਰੰਤ ਰੂਪਾ ਸੋਹਾਣਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਕ ਸਧਾਰਣ ਵਰਕਰ ਨੂੰ ਮੈਂਬਰ ਬਣਾ ਕੇ ਜੋ ਮਾਣ ਦਿੱਤਾ ਗਿਆ ਹੈ, ਉਸ ਲਈ ਉਹ ਹਮੇਸ਼ਾ ਅਭਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਾਬਕਾ ਕੌਂਸਲਰ ਅਤੇ ਭਾਜਪਾ ਆਗੂ ਅਸ਼ੋਕ ਝਾਅ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਨੌਜਵਾਨ ਰੂਪਾ ਸੋਹਾਣਾ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਉਨ੍ਹਾਂ ਦੇ ਜੋਸ਼ ਤੇ ਜਜ਼ਬੇ ਨੂੰ ਸਹੀ ਦਿਸ਼ਾ ਦੇਣ ਵਿਚ ਰੂਪਾ ਸੋਹਾਣਾ ਦੀ ਅਹਿਮ ਭੂਮਿਕਾ ਰਹੇਗੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਹੋਣ ਜਾਂ ਵਿਧਾਨ ਸਭਾ ਹਲਕਾ ਮੁਹਾਲੀ ਦੀ ਗੱਲ ਹੋਵੇ, ਰੂਪਾ ਸੋਹਾਣਾ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਕੰਮ ਕਰਨਗੇ।