ਮੋਨੂੰ ਸ਼ਰਮਾ ਜ਼ਿਲ੍ਹਾ ਪ੍ਰਧਾਨ ਨਿਯੁਕਤ
ਮੋਨੂੰ ਸ਼ਰਮਾ ਉਰਫ਼ ਵਿਸ਼ਾਲ ਨੂੰ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ
Publish Date: Mon, 20 Apr 2026 09:33 PM (IST)
Updated Date: Mon, 20 Apr 2026 09:36 PM (IST)

ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਸਮਾਜਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਸਰਗਰਮ ਭਾਰਤੀ ਗਊਰਕਸ਼ਾ ਦਲ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਜਥੇਬੰਦੀ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਨਾਮਧਾਰੀ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਸਿਕੰਦਰ ਸਿੰਘ ਚੋਲਟੀ ਖੇੜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਿਮਤੀ ਨਾਲ ਜ਼ੀਰਕਪੁਰ ਦੇ ਵੀਆਈਪੀ ਰੋਡ ਨਿਵਾਸੀ ਮੋਨੂੰ ਸ਼ਰਮਾ ਉਰਫ਼ ਵਿਸ਼ਾਲ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਮੋਨੂੰ ਸ਼ਰਮਾ ਨੇ ਜਥੇਬੰਦੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਸੇਵਾ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਨੇ ਜਥੇਬੰਦੀ ਦੇ ਮੁੱਖ ਏਜੰਡੇ ਨੂੰ ਦੁਹਰਾਉਂਦਿਆਂ ਕਿਹਾ ਕਿ ਗਊ ਮਾਤਾ ਦੀ ਰੱਖਿਆ, ਗਊ ਤਸਕਰੀ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਇਸ ਤੋਂ ਇਲਾਵਾ ਜ਼ਖ਼ਮੀ ਅਤੇ ਬੇਸਹਾਰਾ ਗਊਆਂ ਦੇ ਇਲਾਜ ਅਤੇ ਸੇਵਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਮੋਨੂੰ ਸ਼ਰਮਾ ਨੇ ਕਿਹਾ ਕਿ ਮੁਹਾਲੀ ਵਰਗੇ ਅਹਿਮ ਅਤੇ ਵਿਕਸਤ ਜ਼ਿਲ੍ਹੇ ਵਿਚ ਗਊ ਸੇਵਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਹ ਨੌਜਵਾਨਾਂ ਨੂੰ ਗਊ ਰੱਖਿਆ ਮੁਹਿੰਮ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਣਗੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ ਦੀ ‘ਸਭ ਦਾ ਸਾਥ, ਸਭ ਦਾ ਵਿਕਾਸ’ ਵਾਲੀ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਣਗੇ। ਇਸ ਨਿਯੁਕਤੀ ’ਤੇ ਇਲਾਕੇ ਦੇ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੋਨੂੰ ਸ਼ਰਮਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਅਤੇ ਸਮਾਜ ਦੇ ਵਿਚਕਾਰ ਇਕ ਮਜ਼ਬੂਤ ਕੜੀ ਵਜੋਂ ਕੰਮ ਕਰਨਗੇ।