ਮੁਫ਼ਤ ਮੈਡੀਕਲ ਕੈਂਪ ’ਚ 300 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੀ ਵੰਡੀਆਂ ਮੁਫ਼ਤ ਮੈਡੀਕਲ ਕੈਂਪ ’ਚ 300 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੀ ਵੰਡੀਆਂ
Publish Date: Mon, 19 Oct 2026 08:48 PM (IST)
Updated Date: Mon, 19 Oct 2026 08:48 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ, ਲਾਂਡਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 300 ਤੋਂ ਵੱਧ ਮਰੀਜ਼ਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਦੌਰਾਨ ਅੱਖਾਂ ਅਤੇ ਦੰਦਾਂ ਦੇ ਮਾਹਰ ਡਾਕਟਰਾਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਦੀਆਂ ਟੀਮਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਮਰੀਜ਼ਾਂ ਦੇ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਵੀ ਜਾਂਚ ਕੀਤੀ ਗਈ। ਕੈਂਪ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਉਪਰਾਲੇ ਦੀ ਮਹੱਤਤਾ ਨੂੰ ਦਰਸਾਇਆ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਸਭ ਤੋਂ ਵੱਡੀ ਤਰਜੀਹ ਹੈ। ਇਸੇ ਸੋਚ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਧਿਆਨ ’ਚ ਰੱਖਦਿਆਂ ਇਹ ਲੜੀ ਅੱਗੇ ਵੀ ਜਾਰੀ ਰੱਖੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕੈਂਪ ਦੇ ਸਫ਼ਲ ਆਯੋਜਨ ਲਈ ਸਹਿਯੋਗ ਦੇਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੇ ਮੋਹਤਬਰਾਂ ਅਤੇ ਸਮੂਹ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਸਹਿਯੋਗ ਨਾਲ ਹੀ ਅਜਿਹੇ ਲੋਕ-ਭਲਾਈ ਦੇ ਕਾਰਜ ਸਫ਼ਲ ਹੋ ਸਕਦੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੀਐੱਸ ਰਿਆੜ, ਗੁਰਦੇਵ ਸਿੰਘ ਚੌਹਾਨ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਲਖਬੀਰ ਸਿੰਘ ਕਾਲਾ, ਅਜੈਬ ਸਿੰਘ ਬਾਕਰਪੁਰ ਅਤੇ ਚੱਪੜਚਿੜੀ ਦੇ ਸਾਬਕਾ ਸਰਪੰਚ ਸਮੇਤ ਨੇੜਲੇ ਪਿੰਡਾਂ ਤੋਂ ਆਏ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।