ਜੈ ਸਿੰਘ ਛਿੱਬਰ, ਚੰਡੀਗੜ੍ਹ : ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼ਨਿਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਦੀਆਂ ਮੋਟਰਾਂ 'ਤੇ ਬਿਜਲੀ ਦੇ ਬਿੱਲ ਲਾਉਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਜਾਰੀ ਰੱਖੇਗੀ ਪਰ ਕਿਸਾਨਾਂ ਤੇ ਵਿਰੋਧੀ ਪਾਰਟੀਆਂ ਵੱਲੋਂ ਟਿਊਬਵੈੱਲਾਂ 'ਤੇ ਬਿਜਲੀ ਬਿੱਲ ਲਾਉਣ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਸ਼ਨਿੱਚਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਦੋ-ਰੋਜ਼ਾ ਵਿਰੋਧ ਪ੍ਰਦਰਸ਼ਨ ਦੇ ਸੱਦੇ 'ਤੇ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਪਾਵਰ-ਕਾਰਪੋਰੇਸ਼ਨ ਦਫਤਰਾਂ ਅੱਗੇ ਅਰਥੀ-ਫੂਕ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦਾਅਵਾ ਕੀਤਾ ਕਿ ਸਮੁੱਚੇ ਪੰਜਾਬ 'ਚ ਕਿਸਾਨਾਂ ਨੇ ਸਰਕਾਰ ਵਿਰੋਧ ਮੁਜ਼ਾਹਰਾ ਕੀਤਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਰਾਹੀਂ ਬਿੱਲ ਲਾਗੂ ਨਾ ਕਰਨ ਸਬੰਧੀ ਬਿਆਨ ਦੇ ਦਿੱਤਾ ਹੈ, ਪਰ ਕਿਸਾਨਾਂ ਨੂੰ ਮੁੱਖ-ਮੰਤਰੀ ਦੇ ਟਵੀਟ 'ਤੇ ਭਰੋਸਾ ਨਹੀਂ ਹੈ। ਕਿਸਾਨ ਆਗੂਆਂ ਨੇ ਵਿਰੋਧ-ਪ੍ਰਦਰਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆਂ ਚਿਤਾਵਨੀ ਦਿੱਤੀ ਕਿ ਦੋਵੇਂ ਸਰਕਾਰਾਂ ਇਹ ਸਮਝ ਲੈਣ ਕਿ ਜਥੇਬੰਦੀਆਂ ਇਹ ਕਿਸਾਨ ਵਿਰੋਧੀ ਫੈਸਲਾ ਲਾਗੂ ਨਹੀਂ ਹੋਣ ਦੇਣਗੀਆਂ।

ਜਥੇਬੰਦੀ ਦੇ ਆਗੂਆਂ ਕੁਲਵੰਤ ਸਿੰਘ ਕਿਸ਼ਨਗੜ੍ਹ, ਹਰਨੇਕ ਸਿੰਘ ਮਹਿਮਾ, ਮਹਿੰਦਰ ਸਿੰਘ ਭੈਣੀਬਾਘਾ, ਰਾਮ ਸਿੰਘ ਮਟੋਰੜਾ, ਗੁਰਮੇਲ ਸਿੰਘ ਢਕੜਬਾ, ਧਰਮਪਾਲ ਸਿੰਘ ਰੋੜੀਕਪੂਰਾ, ਗੁਰਦੇਵ ਸਿੰਘ ਮਾਂਗੇਵਾਲ, ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ ਆਰਥਿਕ ਸੰਕਟ ਦੀ ਮਾਰ ਹੇਠ ਆਏ ਪੰਜਾਬ ਦੇ 26 ਲੱਖ ਕਿਸਾਨਾਂ ਵਿਚੋਂ 14 ਲੱਖ ਤੋ ਵਧੇਰੇ ਕਿਸਾਨ ਬਿਜਲੀ ਮੋਟਰਾਂ ਰਾਹੀਂ ਫਸਲਾਂ ਪਾਲਦੇ ਹਨ ਜਿਸ ਨਾਲ ਹਰ ਸਾਲ ਪੰਜਾਬ ਦੇ ਕਿਸਾਨਾਂ ਕੋਲੋਂ ਹਰ ਸਾਲ ਮਿਲਦੀ 6200 ਕਰੋੜ ਰੁਪਏ ਦੀ ਸਬਸਿਡੀ ਮਿਲਦੀ ਸੀ। ਪੰਜਾਬ ਦਾ ਕਿਸਾਨ ਪਹਿਲਾਂ ਹੀ ਇੱਕ ਲੱਖ ਕਰੋੜ ਤੋਂ ਵਧੇਰੇ ਕਰਜ਼ੇ ਦੇ ਸੰਕਟ ਵਿਚ ਫਸਿਆ ਹੋਇਆ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ।

ਸੰਘਰਸ਼ ਕਮੇਟੀ ਇਕ ਜੂਨ ਨੂੰ ਦੇਵੇਗੀ ਧਰਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਕ ਜੂਨ ਨੂੰ ਐੱਸਡੀਓ ਪਾਵਰਕਾਮ ਦੇ ਦਫਤਰਾਂ ਅੱਗੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬਿਜਲੀ ਸੁਧਾਰਾਂ ਦੇ ਨਾਮ 'ਤੇ ਬਿਜਲੀ ਵਿਭਾਗ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਨ ਲਈ ਕੇਂਦਰ ਸਰਕਾਰ ਵੱਲੋ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2020 ਤਿਆਰ ਕੀਤਾ ਗਿਆ ਹੈ। ਕੈਪਟਨ ਸਰਕਾਰ ਨੇ ਵੀ ਕੇਂਦਰ ਦੇ ਬਿੱਲ ਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ 13 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦਾ ਰਾਹ ਪੱਧਰਾ ਕੀਤਾ ਜਾ ਸਕੇ ਤੇ ਇਸ ਤੋ ਇਲਾਵਾ ਕੇਂਦਰ ਸਰਕਾਰ ਦੀਆਂ ਹੋਰ ਸ਼ਰਤਾਂ ਵੀ ਮੰਨ ਲਈਆਂ ਗਈਆਂ ਹਨ।

ਮੋਟਰਾਂ 'ਤੇ ਨਹੀਂ ਲੱਗਣਗੇ ਬਿਜਲੀ ਦੇ ਬਿੱਲ : ਬਾਜਵਾ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਕਰਜ਼ਾ ਦੇਵੇ ਜਾਂ ਨਾ ਦੇਵੇ ਪਰ ਕੈਪਟਨ ਸਰਕਾਰ ਕਿਸਾਨਾਂ ਦੀਆਂ ਮੋਟਰਾਂ 'ਤੇ ਬਿਜਲੀ ਦੇ ਬਿੱਲ ਨਹੀਂ ਲਗਾਏਗੀ। ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਪੰਜਾਬ ਸਰਕਾਰ ਦੀ ਬਾਂਹ ਮਰੋੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਪੱਤਰ ਦੇ ਹਵਾਲਾ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਜੀਡੀਪੀ ਵਿਕਾਸ ਦਰ 'ਤੇ ਪੰਜ ਫੀਸਦੀ ਤਕ ਕਰਜ਼ਾ ਦੇਣ ਬਾਰੇ ਬਕਾਇਦਾ ਕਿਸਾਨਾਂ ਦੀਆਂ ਟਿਊਬਵੈੱਲਾਂ 'ਤੇ ਬਿਜਲੀ ਬਿੱਲ ਲਗਾਉਣ ਦੀ ਸ਼ਰਤ ਲਾਈ ਹੈ। ਉਨ੍ਹਾਂ ਅਕਾਲੀ ਦਲ ਨੂੰ ਅਪੀਲ ਕੀਤੀ ਹੈ ਕਿ ਇਕ ਕੁਰਸੀ ਪਿੱਛੇ ਪੰਜਾਬ ਦਾ ਨੁਕਸਾਨ ਨਾ ਕਰੋ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਚਿੱਠੀ 'ਤੇ ਕੈਬਨਿਟ 'ਚ ਸਿਰਫ਼ ਵਿਚਾਰ-ਚਰਚਾ ਕੀਤੀ ਗਈ ਨਾ ਕਿ ਕੋਈ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮੁੱਦਾ ਨਹੀਂ ਹੈ ਤੇ ਮਗਰਮੱਛ ਵਾਲੇ ਹੰਝੂ ਵਹਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਨੂੰ ਕਿਸਾਨਾਂ ਨਾਲ ਭੋਰਾ ਵੀ ਹਮਦਰਦੀ ਹੈ ਤਾਂ ਉਹ ਮੋਦੀ ਸਰਕਾਰ 'ਚੋਂ ਬਾਹਰ ਆਉਣ।ਉਨ੍ਹਾਂ ਕੇਂਦਰ ਵਲੋਂ 20 ਲੱਖ ਕਰੋੜ ਰੁਪਏ ਦਾ ਪੈਕੇਜ ਨੂੰ ਮੋਦੀ ਦਾ ਨਵਾਂ ਸਿਆਸੀ ਜੁਮਲਾ ਦੱਸਦਿਆਂ ਕਿਹਾ ਕਿ ਅਸਲ 'ਚ 16.60 ਲੱਖ ਕਰੋੜ ਰੁਪਏ ਦਾ ਤਾਂ ਕਰਜ਼ਾ ਦੇਣ ਦਾ ਪ੍ਰਬੰਧ ਹੀ ਕੀਤਾ ਗਿਆ 3.20 ਲੱਖ ਕਰੋੜ ਰੁਪਏ ਦੀ ਰਕਮ ਇਸ ਪੈਕਜ ਵਿਚ ਦਰਸਾਅ ਦਿੱਤੀ ਗਈ ਹੈ, ਜੋ ਪਹਿਲਾਂ ਤੋਂ ਹੀ ਚੱਲ ਰਹੀਆਂ ਕੇਂਦਰ ਦੀਆਂ ਸਕੀਮਾਂ ਦਾ ਹਿੱਸਾ ਹੈ। ਉਨ੍ਹਾਂ ਮੈਡੀਕਲ ਫੀਸਾਂ 'ਚ ਵਾਧਾ ਕਰਨ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਇਹ ਸਮੇਂ ਦੀ ਲੋੜ ਸੀ।