ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਰੈਲੀ, ਵੱਡੀ ਗਿਣਤੀ ’ਚ ਹੋਏ ਸ਼ਾਮਲ ਨੌਜਵਾਨ ਮੁਹਾਲੀ ’ਚ ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਰੈਲੀ,
Publish Date: Sun, 18 Oct 2026 06:42 PM (IST)
Updated Date: Sun, 18 Oct 2026 06:45 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਵਿਚ ਨਸ਼ਿਆਂ ਦੇ ਵਧਦੇ ਮੁੱਦੇ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਐਤਵਾਰ ਨੂੰ ਪੁਰਾਣੇ ਬੈਰੀਅਰ, ਫੇਜ਼-1 ਤੋਂ ਫੇਜ਼-11 ਤੱਕ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ’ਚ ਵੱਡੀ ਗਿਣਤੀ ਵਿਚ ਨੌਜਵਾਨ ਮੋਟਰਸਾਈਕਲਾਂ ਅਤੇ ਸਕੂਟਰਾਂ ’ਤੇ ਸਵਾਰ ਹੋ ਕੇ ਸ਼ਾਮਲ ਹੋਏ। ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਰੈਲੀ ਵਿਚ ਹਿੱਸਾ ਲਿਆ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਸਨ, ਪਰ ਅੱਜ ਵੀ ਨੌਜਵਾਨੀ ਨਸ਼ਿਆਂ ਦੀ ਮਾਰ ਹੇਠ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਨੌਜਵਾਨ ਹਨ। ਉਨ੍ਹਾਂ ਨਸ਼ਿਆਂ ਦੀ ਸਪਲਾਈ ਅਤੇ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ’ਤੇ ਜ਼ੋਰ ਦਿੰਦਿਆਂ ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਅਤੇ ਕਥਿਤ ਤੌਰ ’ਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਦੋਵੇਂ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੀ ਸਮੱਸਿਆ ਹੁਣ ਸਿਰਫ਼ ਕਾਲੋਨੀਆਂ ਜਾਂ ਪਿੰਡਾਂ ਤੱਕ ਸੀਮਤ ਨਹੀਂ ਰਹੀ, ਸਗੋਂ ਸੈਕਟਰਾਂ ਵਿਚ ਵੀ ਇਸ ਦਾ ਖ਼ਤਰਾ ਵੱਧ ਰਿਹਾ ਹੈ। ਜੀਤੀ ਸਿੱਧੂ ਨੇ ਕਿਹਾ ਕਿ ਰੈਲੀ ’ਚ ਨੌਜਵਾਨ ਖ਼ੁਦ ਅੱਗੇ ਆ ਕੇ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਬੁਰਾਈ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।