ਇੰਡਸਟਰੀਅਲ ਏਰੀਆ ’ਚ ਦਿਨ-ਦਿਹਾੜੇ ਬਾਈਕ ਚੋਰੀ ਇੰਡਸਟਰੀਅਲ ਏਰੀਆ ’ਚ ਦਿਨ-ਦਿਹਾੜੇ ਬਾਈਕ ਚੋਰੀ; ਸੁਰੱਖਿਆ ਪ੍ਰਬੰਧਾਂ 'ਤੇ ਉੱਠੇ ਸਵਾਲ
Publish Date: Sat, 26 Sep 2026 09:28 PM (IST)
Updated Date: Sat, 26 Sep 2026 09:30 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਦੇ ਇੰਡਸਟਰੀਅਲ ਏਰੀਆ, ਫੇਜ਼-9 ਸਥਿਤ ਫੈਕਟਰੀ ਨੰ. 363 ਦੇ ਬਾਹਰੋਂ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਉਦਯੋਗਿਕ ਖੇਤਰਾਂ ਵਿਚ ਵੱਧ ਰਹੀਆਂ ਚੋਰੀਆਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਕੇਸ਼ ਵਿੱਗ ਨੇ ਦੱਸਿਆ ਕਿ ਸ਼ਨਿਚਰਵਾਰ ਸਵੇਰੇ ਮਾਈਕ੍ਰੋਵਿਨ ਲੈਬਜ਼ ਪ੍ਰਾਈਵੇਟ ਲਿਮਟਿਡ ਦੇ ਫੋਰਮੈਨ ਪ੍ਰਤਾਪ ਸਿੰਘ ਨੇ ਆਪਣਾ ਮੋਟਰਸਾਈਕਲ ਫੈਕਟਰੀ ਦੇ ਮੁੱਖ ਗੇਟ ਕੋਲ ਪਾਰਕ ਕੀਤਾ ਸੀ। ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਗਾਇਬ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸ਼ਿਕਾਇਤ ਫੇਜ਼-11 ਦੇ ਥਾਣੇ ਵਿਚ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਨੂੰ ਫੈਕਟਰੀ ਅਤੇ ਆਸ-ਪਾਸ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਵਾਹਨ ਬਰਾਮਦ ਕਰਨ ਦੀ ਅਪੀਲ ਕੀਤੀ ਗਈ ਹੈ। ਐੱਮਆਈਏ ਦੇ ਜਨਰਲ ਸਕੱਤਰ ਰਾਕੇਸ਼ ਵਿੱਗ ਨੇ ਕਿਹਾ ਕਿ ਫੈਕਟਰੀ ਦੇ ਗੇਟ ਦੇ ਬਿਲਕੁਲ ਸਾਹਮਣੇ ਤੋਂ ਮੋਟਰਸਾਈਕਲ ਚੋਰੀ ਹੋਣਾ ਇਹ ਦਰਸਾਉਂਦਾ ਹੈ ਕਿ ਉਦਯੋਗਿਕ ਖੇਤਰਾਂ ਵਿਚ ਸੁਰੱਖਿਆ ਦੀ ਸਥਿਤੀ ਕਿੰਨੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਚੋਰਾਂ ਵਿਚ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਅਜਿਹੀਆਂ ਘਟਨਾਵਾਂ ਨਾਲ ਉਦਯੋਗਪਤੀਆਂ ਅਤੇ ਮਜ਼ਦੂਰਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਹੋ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਵਰਗੀਆਂ ਗਤੀਵਿਧੀਆਂ ਤੇ ਪੁਲਿਸ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ। ਇਸ ਮਾਮਲੇ ’ਚ ਐੱਮਆਈਏ ਦੇ ਪ੍ਰਧਾਨ ਅਸ਼ੋਕ ਗੁਪਤਾ ਨੇ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇੰਡਸਟਰੀਅਲ ਏਰੀਆ ਵਿਚ ਪੁਲਿਸ ਗਸ਼ਤ, ਸੀਸੀਟੀਵੀ ਨਿਗਰਾਨੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਤਾਂ ਜੋ ਉਦਯੋਗਪਤੀਆਂ ਅਤੇ ਕਾਮਿਆਂ ਵਿਚ ਵਿਸ਼ਵਾਸ ਬਹਾਲ ਹੋ ਸਕੇ। ਐਸੋਸੀਏਸ਼ਨ ਨੇ ਸਮੂਹ ਫੈਕਟਰੀ ਮਾਲਕਾਂ ਅਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਦੇ ਆਧਾਰ ’ਤੇ ਮੋਟਰਸਾਈਕਲ ਚੋਰਾਂ ਦੀ ਜਲਦ ਪਛਾਣ ਕਰਕੇ ਗ੍ਰਿਫ਼ਤਾਰੀ ਲਈ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ।