ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਜ ਸਭਾ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਨੁਮਾਇੰਦਗੀ ਦੀ ਮੰਗ ਕੀਤੀ ਹੈ, ਜਿਸ ਨੂੰ ਅਜੇ ਉਪਰਲੇ ਹਾਊਸ ਵਿਚ ਨੁਮਾਇੰਦਗੀ ਮਿਲਣੀ ਬਾਕੀ ਹੈ। ਤਿਵਾੜੀ ਨੇ ਇਕ ਬਿਆਨ ਵਿਚ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧ ਵਿਚ ਲੋਕ ਸਭਾ ਵਿਚ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਦੇ ਉਪਰਲੇ ਸਦਨ ਵਿਚ ਇਕ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪ੍ਰਤੀਨਿਧਤਾ ਦੇਣ ਲਈ ਇਸ ਬਿੱਲ ਨੂੰ ਸਰਕਾਰੀ ਬਿੱਲ ਵਜੋਂ ਪੇਸ਼ ਕਰਨ ਕਰਨ। ਤਿਵਾੜੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸੰਸਦ ਦੇ ਉਪਰਲੇ ਸਦਨ ਵਿਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਤੀਨਿਧਤਾ ਦਿੰਦਾ ਹੈ।

ਉਨ੍ਹਾਂ ਨੇ ਸੁਝਾਅ ਦਿੱਤਾ ਕਿ ਚੰਡੀਗੜ੍ਹ ਨਗਰ ਨਿਗਮ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਚੁਣਨ ਲਈ ਇੱਕ ਇਲੈਕਟੋਰਲ ਕਾਲਜ ਸਥਾਪਤ ਕਰ ਸਕਦਾ ਹੈ, ਜਿਵੇਂ ਕਿ ਦਿੱਲੀ ਮੈਟਰੋਪੋਲੀਟਨ ਕੌਂਸਲ 1966 ਤੋਂ 1990 ਤੱਕ ਦਿੱਲੀ ਤੋਂ ਤਿੰਨ ਨੁਮਾਇੰਦਿਆਂ ਦੀ ਚੋਣ ਕਰਨ ਲਈ ਇੱਕ ਇਲੈਕਟੋਰਲ ਕਾਲਜ ਵਜੋਂ ਕੰਮ ਕਰਦੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਅਤੇ ਜੰਮੂ-ਕਸ਼ਮੀਰ ਨੂੰ ਰਾਜ ਸਭਾ ਵਿੱਚ ਪ੍ਰਤੀਨਿਧਤਾ ਮਿਲੀ ਹੈ।

Posted By: Jagjit Singh