- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਮਾਨ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਦੀ ਰਾਜ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਕਿਉਂਕਿ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,149 ਕਰੋੜ ਰੁਪਏ ਸਿੱਧੇ ਭੇਜ ਚੁੱਕੀ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ 1,500 ਰੁਪਏ ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਵਜੋਂ ਕੁੱਲ 4,500 ਰੁਪਏ ਦਿੱਤੇ ਗਏ ਹਨ, ਜਦੋਂ ਕਿ ਅਨੁਸੂਚਿਤ ਜਾਤੀ ਤੋਂ ਇਲਾਵਾ ਹੋਰਨਾਂ ਵਰਗਾਂ ਦੀਆਂ ਲਾਭਪਾਤਰੀਆਂ ਨੂੰ 1,000 ਰੁਪਏ ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਵਜੋਂ ਕੁੱਲ 3,000 ਰੁਪਏ ਪ੍ਰਦਾਨ ਕੀਤੇ ਗਏ ਹਨ। 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 70 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਨਾਲ ਇਹ ਯੋਜਨਾ ਪੰਜਾਬ ਦੀ ਸਭ ਤੋਂ ਵੱਡੀ ਔਰਤ-ਕੇਂਦਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣ ਗਈ ਹੈ। ਰਾਜ ਭਰ ਦੀਆਂ ਔਰਤਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਰਾਸ਼ੀ ਬਿਨਾਂ ਕਿਸੇ ਵਿਚੋਲੇ ਅਤੇ ਬਿਨਾਂ ਕਿਸੇ ਦੇਰੀ ਦੇ ਸਿੱਧੀ ਅਸਲ ਲਾਭਪਾਤਰੀਆਂ ਤੱਕ ਪਹੁੰਚੀ ਹੈ ਅਤੇ ਉਹ ਲੋੜ ਪੈਣ 'ਤੇ ਇਹ ਰਾਸ਼ੀ ਕਦੇ ਵੀ ਕੱਢਵਾ ਸਕਦੀਆਂ ਹਨ।
ਗੁਰਦਾਸਪੁਰ ਦੀ 32 ਸਾਲਾ ਸਰਬਜੀਤ ਕੌਰ ਨੇ ਕਿਹਾ ਕਿ ਡੀਬੀਟੀ ਪ੍ਰਣਾਲੀ ਨੇ ਇਹ ਯਕੀਨੀ ਬਣਾਇਆ ਹੈ ਕਿ ਵਿੱਤੀ ਸਹਾਇਤਾ ਆਪਣੇ ਅਸਲ ਮਕਸਦ ਲਈ ਹੀ ਵਰਤੀ ਜਾਵੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੈਸਾ ਸਿੱਧਾ ਸਾਡੇ ਬੈਂਕ ਖਾਤਿਆਂ ਵਿੱਚ ਭੇਜਿਆ ਹੈ, ਜਿਸ ਤੋਂ ਮੈਂ ਬਹੁਤ ਖ਼ੁਸ਼ ਹਾਂ। ਜੇਕਰ ਇਹ ਰਾਸ਼ੀ ਨਕਦ ਦਿੱਤੀ ਜਾਂਦੀ ਤਾਂ ਸ਼ਾਇਦ ਇਸ ਦੀ ਸਹੀ ਵਰਤੋਂ ਨਾ ਹੁੰਦੀ। ਕੈਸ਼ ਦਿੰਦੇ ਤਾਂ ਆਦਮੀ ਲੋਕ ਪੈਗ-ਸ਼ੈਗ 'ਤੇ ਖ਼ਰਚ ਕਰ ਦਿੰਦੇ ਹਨ, ਪਰ ਖਾਤੇ ਵਿੱਚ ਤਾਂ ਸਾਡਾ ਪੈਸਾ ਸੁਰੱਖਿਅਤ ਹੈ। ਹੁਣ ਪੈਸਾ ਸਾਡੇ ਆਪਣੇ ਖਾਤੇ ਵਿੱਚ ਹੈ ਅਤੇ ਜਦੋਂ ਵੀ ਲੋੜ ਹੋਵੇਗੀ, ਅਸੀਂ ਉਸ ਨੂੰ ਕੱਢਵਾ ਸਕਦੇ ਹਾਂ। ਇਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਇਹ ਰਾਸ਼ੀ ਕੇਵਲ ਘਰ ਦੀਆਂ ਲੋੜਾਂ ਅਤੇ ਹੋਰ ਜ਼ਰੂਰੀ ਖ਼ਰਚਿਆਂ 'ਤੇ ਹੀ ਖ਼ਰਚ ਹੋਵੇ।”
ਹਰਚੋਵਾਲ ਪਿੰਡ ਦੀ 35 ਸਾਲਾ ਗਗਨਦੀਪ ਕੌਰ ਨੇ ਇਸ ਯੋਜਨਾ ਨੂੰ ਆਪਣੇ ਤਜਰਬੇ ਦੀ ਸਭ ਤੋਂ ਪਾਰਦਰਸ਼ੀ ਜਨ-ਕਲਿਆਣਕਾਰੀ ਯੋਜਨਾ ਦੱਸਿਆ। ਉਨ੍ਹਾਂ ਕਿਹਾ, “ਮੈਂ ਅਜੇ ਤੱਕ ਇਹ ਰਾਸ਼ੀ ਨਹੀਂ ਕਢਵਾਈ ਹੈ ਕਿਉਂਕਿ ਜਦੋਂ ਲੋੜ ਹੋਵੇਗੀ ਉਦੋਂ ਹੀ ਇਸ ਦੀ ਵਰਤੋਂ ਕਰਾਂਗੀ। ਆਰਥਿਕ ਸਹਾਇਤਾ ਦੇਣ ਦਾ ਇਹ ਸਭ ਤੋਂ ਵਧੀਆ ਤਰੀਕਾ ਹੈ। ਜੇਕਰ ਸਰਕਾਰ ਨਕਦ ਰਾਸ਼ੀ ਵੰਡਦੀ ਤਾਂ ਲੋਕਾਂ ਨੂੰ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ। ਅਰਜ਼ੀ ਦੇਣ ਦੇ ਪੰਜ ਤੋਂ ਛੇ ਦਿਨਾਂ ਦੇ ਅੰਦਰ ਹੀ ਪੈਸਾ ਮੇਰੇ ਖਾਤੇ ਵਿੱਚ ਆ ਗਿਆ। ਪੂਰੀ ਪ੍ਰਕਿਰਿਆ ਤੇਜ਼, ਪਾਰਦਰਸ਼ੀ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੈ।”
ਸ੍ਰੀ ਹਰਗੋਬਿੰਦਪੁਰ ਦੀ 49 ਸਾਲਾ ਸੁਮਨ ਕੁਮਾਰੀ ਨੇ ਕਿਹਾ ਕਿ ਇਸ ਆਰਥਿਕ ਸਹਾਇਤਾ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਘਰੇਲੂ ਅਤੇ ਸਿੱਖਿਆ ਸਬੰਧੀ ਮਹੱਤਵਪੂਰਨ ਖ਼ਰਚੇ ਪੂਰੇ ਕਰਨ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਦੀ ਸਭ ਤੋਂ ਵਧੀਆ ਗੱਲ ਇਹ ਹੈ ਕਿ ਪੈਸਾ ਸਿੱਧਾ ਔਰਤਾਂ ਦੇ ਖਾਤਿਆਂ ਵਿੱਚ ਆਉਂਦਾ ਹੈ। ਮੈਂ ਇਸ ਰਾਸ਼ੀ ਦੀ ਵਰਤੋਂ ਸਾਰਥਕ ਕੰਮਾਂ ਵਿੱਚ ਕੀਤੀ ਹੈ। ਮੇਰੀਆਂ ਦੋਵੇਂ ਧੀਆਂ, ਜੋ ਉੱਚ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ, ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਿਆ ਹੈ। ਇਸ ਦੇ ਨਾਲ-ਨਾਲ ਸਾਡੇ ਪਰਿਵਾਰ ਨੂੰ ਮੁਫ਼ਤ ਰਾਸ਼ਨ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਮਿਲ ਰਹੀ ਹੈ, ਜਿਸ ਨਾਲ ਕਾਫ਼ੀ ਰਾਹਤ ਮਿਲੀ ਹੈ।”
ਮੰਡੀ ਅਹਿਮਦਗੜ੍ਹ ਦੀ ਹਰਪਾਲ ਕੌਰ ਨੇ ਕਿਹਾ ਕਿ ਇਸ ਆਰਥਿਕ ਸਹਾਇਤਾ ਨੇ ਔਰਤਾਂ ਨੂੰ ਆਪਣੀਆਂ ਤਰਜੀਹਾਂ ਅਨੁਸਾਰ ਖ਼ਰਚ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ, “ਮੈਂ ਇਹ ਰਾਸ਼ੀ ਘਰ ਦੀਆਂ ਲੋੜਾਂ 'ਤੇ ਖ਼ਰਚ ਕੀਤੀ ਹੈ। ਮੇਰੀਆਂ ਦੋਵਾਂ ਧੀਆਂ ਨੂੰ ਵੀ ਇਹ ਰਾਸ਼ੀ ਮਿਲੀ ਹੈ ਅਤੇ ਉਹ ਇਸ ਦੀ ਵਰਤੋਂ ਆਪਣੀਆਂ ਲੋੜਾਂ ਅਨੁਸਾਰ ਕਰ ਰਹੀਆਂ ਹਨ। ਧੀਆਂ ਦੀਆਂ ਆਪਣੀਆਂ ਲੋੜਾਂ ਹੁੰਦੀਆਂ ਹਨ ਅਤੇ ਇਹ ਚੰਗੀ ਗੱਲ ਹੈ ਕਿ ਸਰਕਾਰ ਇਸ ਸਮੇਂ ਉਨ੍ਹਾਂ ਦਾ ਸਹਿਯੋਗ ਕਰ ਰਹੀ ਹੈ। ਸਭ ਤੋਂ ਵਧੀਆ ਗੱਲ ਇਹ ਹੈ ਕਿ ਡੀਬੀਟੀ ਰਾਹੀਂ ਪੈਸਾ ਸਿੱਧਾ ਸਾਡੇ ਬੈਂਕ ਖਾਤਿਆਂ ਵਿੱਚ ਆਇਆ ਹੈ, ਜਿਸ ਨੂੰ ਅਸੀਂ ਲੋੜ ਪੈਣ 'ਤੇ ਕਦੇ ਵੀ ਕੱਢਵਾ ਸਕਦੇ ਹਾਂ। ਸਰਕਾਰ ਨੇ ਇਹ ਪੈਸਾ ਚੰਗੀ ਨੀਅਤ ਨਾਲ ਦਿੱਤਾ ਹੈ, ਇਹ ਚੰਗੀ ਜਗ੍ਹਾ ਹੀ ਖ਼ਰਚ ਕਰਨਾ ਚਾਹੀਦਾ ਹੈ।”
ਲਾਭਪਾਤਰੀਆਂ ਦੇ ਪ੍ਰਤੀਕਰਮ ਤੋਂ ਸਪੱਸ਼ਟ ਹੈ ਕਿ ਡੀਬੀਟੀ ਮਾਡਲ ਨੇ ਨਾ ਕੇਵਲ ਕਲਿਆਣਕਾਰੀ ਯੋਜਨਾਵਾਂ ਦੇ ਲਾਭਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਹੈ, ਸਗੋਂ ਔਰਤਾਂ ਨੂੰ ਸਰਕਾਰੀ ਵਿੱਤੀ ਸਹਾਇਤਾ 'ਤੇ ਸਿੱਧਾ ਅਧਿਕਾਰ ਦੇ ਕੇ ਉਨ੍ਹਾਂ ਦੀ ਆਰਥਿਕ ਆਜ਼ਾਦੀ ਨੂੰ ਵੀ ਮਜ਼ਬੂਤ ਕੀਤਾ ਹੈ।
ਇਸ ਦੌਰਾਨ, ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਔਰਤਾਂ ਨੂੰ ਆਰਥਿਕ ਸੁਰੱਖਿਆ ਅਤੇ ਸਤਿਕਾਰ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰੇਕ ਯੋਗ ਲਾਭਪਾਤਰੀ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਸਹਾਇਤਾ ਮਿਲੇ। ਕੋਈ ਵੀ ਯੋਗ ਔਰਤ ਯੋਜਨਾ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ।”
ਡੀਬੀਟੀ ਪ੍ਰਣਾਲੀ ਦਾ ਸਫਲ ਸੰਚਾਲਨ ਯੋਜਨਾ ਦੇ ਨੋਡਲ ਬੈਂਕਿੰਗ ਭਾਈਵਾਲ ਐਕਸਿਸ ਬੈਂਕ ਦੇ ਸਹਿਯੋਗ ਨਾਲ ਵੀ ਸੰਭਵ ਹੋਇਆ ਹੈ, ਜਿਸ ਨੇ ਪੂਰੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਲਾਭ ਰਾਸ਼ੀ ਦੇ ਤਬਾਦਲੇ ਨੂੰ ਸੁਖਾਲਾ ਬਣਾਇਆ ਹੈ।
ਐਕਸਿਸ ਬੈਂਕ ਦੇ ਗਰੁੱਪ ਹੈੱਡ (ਬ੍ਰਾਂਚ ਬੈਂਕਿੰਗ, ਨੌਰਥ ਅਤੇ ਟਾਸਕ ਬਿਜ਼ਨਸ) ਰੇਨੋਲਡ ਡੀ’ਸੂਜ਼ਾ ਨੇ ਕਿਹਾ, “ਪੰਜਾਬ ਸਰਕਾਰ ਨਾਲ ਮਿਲ ਕੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਨ ਵਿੱਚ ਭਾਈਵਾਲ ਬਣਨਾ ਐਕਸਿਸ ਬੈਂਕ ਲਈ ਮਾਣ ਵਾਲੀ ਗੱਲ ਹੈ। ਇਹ ਪਹਿਲਕਦਮੀ ਸੂਬੇ ਦੀਆਂ ਲੱਖਾਂ ਔਰਤਾਂ ਦੇ ਜੀਵਨ 'ਤੇ ਸਕਾਰਾਤਮਕ ਪ੍ਰਭਾਵ ਪਾਵੇਗੀ। ਅਸੀਂ ਲਾਭਪਾਤਰੀਆਂ ਤੱਕ ਸਹਾਇਤਾ ਰਾਸ਼ੀ ਦਾ ਸਮੇਂ ਸਿਰ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵੰਡ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਇਸ ਤਰ੍ਹਾਂ ਦੇ ਪ੍ਰੋਗਰਾਮ ਜਦੋਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਵੱਡੇ ਪੱਧਰ 'ਤੇ ਲਾਗੂ ਕੀਤੇ ਜਾਂਦੇ ਹਨ, ਤਾਂ ਉਹ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ, ਵਿੱਤੀ ਸਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਦੇ ਜੀਵਨ ਵਿੱਚ ਹਾਂਪੱਖੀ ਬਦਲਾਅ ਲਿਆਉਣ ਦੀ ਸਮਰੱਥਾ ਰੱਖਦੇ ਹਨ।”
ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਰਾਸ਼ੀ ਭੇਜ ਕੇ ਡੀਬੀਟੀ ਪ੍ਰਣਾਲੀ ਨਾ ਕੇਵਲ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ, ਸਗੋਂ ਔਰਤਾਂ ਦੀ ਆਰਥਿਕ ਆਜ਼ਾਦੀ ਅਤੇ ਪਰਿਵਾਰ ਵਿੱਚ ਫ਼ੈਸਲੇ ਲੈਣ ਦੀ ਉਨ੍ਹਾਂ ਦੀ ਸਮਰੱਥਾ ਨੂੰ ਵੀ ਮਜ਼ਬੂਤ ਕਰ ਰਹੀ ਹੈ।