ਸਾਬਕਾ ਸਰਪੰਚ ਢਿੱਲੋਂ ਨੇ ਔਰਤਾਂ ਨੂੰ 400 ਰਾਸ਼ਨ ਕਿੱਟਾਂ ਵੰਡੀਆਂ ਮੇਰੀ ਰਸੋਈ ਯੋਜਨਾ : ਸਾਬਕਾ ਸਰਪੰਚ ਢਿੱਲੋਂ ਨੇ ਔਰਤਾਂ ਨੂੰ 400 ਰਾਸ਼ਨ ਕਿੱਟਾਂ ਵੰਡੀਆਂ
Publish Date: Sat, 25 Jul 2026 08:54 PM (IST)
Updated Date: Sun, 26 Jul 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਮੇਰੀ ਰਸੋਈ ਯੋਜਨਾ ਦੇ ਤਹਿਤ ਪਿੰਡ ਰੁੜਕਾ ਦੇ ਸਾਬਕਾ ਸਰਪੰਚ ਤੇ ‘ਆਪ’ ਵਲੰਟੀਅਰ ਹਰਜੀਤ ਸਿੰਘ ਢਿੱਲੋਂ ਅਤੇ ਸਾਬਕਾ ਬੀਬੀ ਕਿਰਨਦੀਪ ਕੌਰ ਨੇ ਪਿੰਡ ਰੁੜਕਾ (ਵਾਰਡ ਨੰ. 22) ਵਿਚ 400 ਤੋਂ ਵੱਧ ਔਰਤਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਦੱਸਿਆ ਕਿ ਹਰੇਕ ਰਾਸ਼ਨ ਕਿੱਟ ਵਿਚ ਚੀਨੀ, ਦਾਲ, ਖਾਣਾ ਬਣਾਉਣ ਵਾਲਾ ਤੇਲ, ਹਲਦੀ ਅਤੇ ਲੂਣ ਸਮੇਤ ਰਸੋਈ ਵਿਚ ਰੋਜ਼ਾਨਾ ਵਰਤੋਂ ਵਿਚ ਆਉਣ ਵਾਲਾ ਸਮਾਨ ਸ਼ਾਮਲ ਹੈ। ਸਾਬਕਾ ਸਰਪੰਚ ਢਿੱਲੋਂ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੁਹਾਲੀ ਹਲਕਾ ਵਿਕਾਸ ਪੱਖੋਂ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਨਹੀਂ, ਸਗੋਂ ਲੋਕਾਂ ਤੋਂ ਪ੍ਰਾਪਤ ਪੈਸਾ ਲੋਕਾਂ ਦੀ ਭਲਾਈ ਲਈ ਹੀ ਖਰਚ ਕਰਨ ਦੀ ਪੰਜਾਬ ਸਰਕਾਰ ਦੀ ਨੀਤੀ ਦਾ ਵੱਡਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਉਮੀਦਾਂ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਸਰਕਾਰ ਵੱਲੋਂ ਉਨ੍ਹਾਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਾਬਕਾ ਸਰਪੰਚ ਕਿਰਨਦੀਪ ਕੌਰ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ ਅਤੇ ਇਹ ਸਹੂਲਤ ਬਿਨਾਂ ਕਿਸੇ ਭੇਦਭਾਵ ਦੇ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਹੱਲਾ ਕਲੀਨਿਕ ਵਿਚ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਲੋੜੀਂਦੇ ਟੈੱਸਟ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਮੁੱਖ ਮੰਤਰੀ ਨੇ ਔਰਤਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ ਅਤੇ ਔਰਤਾਂ ਦੇ ਖਾਤੇ ਵਿਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਇਸ ਫ਼ੈਸਲੇ ਨਾਲ ਬੀਬੀਆਂ ਬਹੁਤ ਖੁਸ਼ ਹਨ। ਇਸ ਮੌਕੇ ਨੰਬਰਦਾਰ ਹਰਕੰਵਲ ਸਿੰਘ, ਕਰਮਜੀਤ ਸਿੰਘ ਸੈਣੀ, ਰਮੇਸ਼ ਕੁਮਾਰ, ਲਖਵੀਰ ਸਿੰਘ ਰੁੜਕਾ, ਡਿੱਪੂ ਹੋਲਡਰ ਗਿਆਨ ਸਿੰਘ ਧਰਮਗੜ੍ਹ ਅਤੇ ਰਣਜੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।