ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਨਗਰ ਕੀਰਤਨ ਕਰਵਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਨਗਰ ਕੀਰਤਨ ਦਾ ਆਯੋਜਨ ਕੀਤਾ
Publish Date: Sat, 03 Jan 2026 06:58 PM (IST)
Updated Date: Sat, 03 Jan 2026 06:59 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿਚ ਹੀ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਉੱਚੇਚੇ ਤੌਰ ’ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਭਾਗ ਲਿਆ। ਇਸ ਮੌਕੇ ਗੱਤਕਾ ਪਾਰਟੀ, ਫ਼ੌਜੀ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਥਾਂ-ਥਾਂ ’ਤੇ ਚਾਹ, ਬਰੈੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।