ਗਰਭਵਤੀ ਔਰਤਾਂ ਲਈ ਲੁੜੀਂਦੀਆਂ ਸਹੂਲਤਾਂ ਮੁਹੱਈਆ : ਸਿਵਲ ਸਰਜਨ
ਗਰਭਵਤੀ ਔਰਤਾਂ ਲਈ ਲੋੜੀਂਦੀਆਂ ਸਹੂਲਤਾਂ ਉਪਲਭਧ : ਸਿਵਲ ਸਰਜਨ,
Publish Date: Mon, 09 Feb 2026 08:57 PM (IST)
Updated Date: Mon, 09 Feb 2026 08:59 PM (IST)

- ਗਰਭਵਤੀ ਔਰਤਾਂ ਦੀ ਕੀਤੀ ਵਿਸ਼ੇਸ਼ ਜਾਂਚ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਆਖਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਔਰਤਾਂ ਲਈ ਸਿਹਤ ਸਹੂਲਤਾਂ ਦਾ ਪੂਰਾ ਪ੍ਰਬੰਧ ਹੈ ਅਤੇ ਗਰਭਵਤੀ ਔਰਤਾਂ ਨੂੰ ਇਨ੍ਹਾਂ ਸੰਸਥਾਵਾਂ ਵਿਚ ਜਾਂਚ, ਇਲਾਜ ਅਤੇ ਜਣੇਪੇ ਦੀਆਂ ਸੇਵਾਵਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀਐੱਮਐੱਸਐੱਮਏ) ਦਿਵਸ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਗਰਭਵਤੀ ਔਰਤਾਂ ਦੀ ਤੰਦਰੁਸਤੀ ਯਕੀਨੀ ਬਣਾਉਣਾ ਹੈ। ਅੱਜ ਇਸ ਵਿਸ਼ੇਸ਼ ਦਿਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈ। ਇਸ ਮੌਕੇ ਡਾ. ਤਮੰਨਾ ਸਿੰਘਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤਰੀਕ ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸ ਕਰ ਕੇ ਉੱਚ ਜੋਖ਼ਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਸਿਹਤ ਅਧਿਕਾਰੀ ਨੇ ਆਮ ਲੋਕਾਂ ਖ਼ਾਸ ਕਰ ਕੇ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗ਼ੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏਐੱਨਸੀ ਚੈੱਕਅਪ ਜ਼ਰੂਰੀ ਹਨ, ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਅਧਿਕਾਰੀ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।