ਭਾਜਪਾ ਕਿਸਾਨ ਮੋਰਚਾ ਮੁਹਾਲੀ ’ਚ ਨਵੀਆਂ ਨਿਯੁਕਤੀਆਂ
ਭਾਜਪਾ ਕਿਸਾਨ ਮੋਰਚਾ ਮੁਹਾਲੀ ’ਚ ਨਵੀਆਂ ਨਿਯੁਕਤੀਆਂ,
Publish Date: Tue, 14 Apr 2026 06:16 PM (IST)
Updated Date: Wed, 15 Apr 2026 04:09 AM (IST)

ਹਲਕਾ ਡੇਰਾਬੱਸੀ ਤੋਂ ਤਿੰਨ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਭਾਰਤੀ ਜਨਤਾ ਪਾਰਟੀ (ਭਾਜਪਾ) ਕਿਸਾਨ ਮੋਰਚਾ, ਜ਼ਿਲ੍ਹਾ ਮੁਹਾਲੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨੂੰ ਪਿੰਡ-ਪਿੰਡ ਤੱਕ ਪਾਰਟੀ ਦੀ ਪਹੁੰਚ ਵਧਾਉਣ ਅਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਐਲਾਨੀਆਂ ਨਿਯੁਕਤੀਆਂ ’ਚ ਹਲਕਾ ਡੇਰਾਬੱਸੀ ਤੋਂ ਲਾਭ ਸਿੰਘ ਜੋਲਾ ਕਲਾਂ ਨੂੰ ਉਪ ਪ੍ਰਧਾਨ-1, ਸੁਭਾਸ਼ ਚੰਦਰ ਸੈਣੀ ਹੈਬਤਪੁਰ ਨੂੰ ਸਕੱਤਰ-2 ਅਤੇ ਅੰਗਰੇਜ਼ ਸਿੰਘ ਕੁੜਾਵਾਲਾ ਨੂੰ ਸਕੱਤਰ-2 ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਨਿਯੁਕਤੀਆਂ ਨਾਲ ਡੇਰਾਬੱਸੀ ਖੇਤਰ ਵਿਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਧਰਮਵੀਰ ਨੂੰ ਉਪ ਪ੍ਰਧਾਨ-2 ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਰਣਵੀਰ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨਾਲ ਖੇਤਰ ਵਿਚ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਪੇ। ਪ੍ਰੋਗਰਾਮ ਵਿਚ ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐੱਸਐੱਮਐੱਸ ਸੰਧੂ ਵੀ ਖ਼ਾਸ ਤੌਰ ’ਤੇ ਮੌਜੂਦ ਰਹੇ। ਪ੍ਰੋਗਰਾਮ ਦੌਰਾਨ ਪਾਰਟੀ ਵਰਕਰਾਂ ਵਿਚ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ। ਸੰਜੀਵ ਵਸ਼ਿਸ਼ਟ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਿੰਡਾਂ ਵਿਚ ਆਪਣੀ ਪਕੜ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਦਾ ਕਿਸਾਨਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਹੋਵੇਗਾ। ਨਾਲ ਹੀ, ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਨੀਤੀਆਂ ਦੀ ਜਾਣਕਾਰੀ ਵੀ ਪ੍ਰਭਾਵਸ਼ਾਲੀ ਢੰਗ ਨਾਲ ਪਿੰਡ-ਪਿੰਡ ਤੱਕ ਪਹੁੰਚਾਈ ਜਾ ਸਕੇਗੀ। ਉੱਥੇ ਹੀ ਐੱਸਐੱਮਐੱਸ ਸੰਧੂ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਹਾਲ ਹੀ ਵਿਚ ਹੋਏ ਬਲਾਕ ਸਮਿਤੀ ਚੋਣਾਂ ਦੇ ਨਤੀਜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਪਿੰਡਾਂ ਵਿਚ ਤੇਜ਼ੀ ਨਾਲ ਆਪਣੀ ਪਕੜ ਬਣਾ ਰਹੀ ਹੈ। ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਪਿੰਡਾਂ ਵਿਚ ਹੋਰ ਸਰਗਰਮ ਭੂਮਿਕਾ ਨਿਭਾਏਗੀ ਅਤੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਇਆ ਜਾਵੇਗਾ। ਅੰਤ ਵਿਚ ਪਾਰਟੀ ਆਗੂਆਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਵਿਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।