6 ਮਹੀਨੇ 'ਚ ਬਣੇਗੀ ਨਵੀਂ ਇਮਾਰਤ, ਇਹ ਮੇਰੀ ਨਿੱਜੀ ਗਰੰਟੀ - ਫ਼ਾਜ਼ਿਲਕਾ ਸਕੂਲ ਮਾਮਲੇ 'ਤੇ ਹਰਜੋਤ ਬੈਂਸ ਦਾ ਵੱਡਾ ਬਿਆਨ
ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਪਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ।
Publish Date: Sun, 22 Feb 2026 02:52 PM (IST)
Updated Date: Sun, 22 Feb 2026 04:39 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।
ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ।
ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਪਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ।
ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।