ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਕੋਵਿਡ-19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਕਤ ਪ੍ਰਗਟਾਵਾ ਅੱਜ ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਲੋਕ ਕੋਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਏ ਆਪਣੇ ਸਕਿਆਂ ਨੂੰ ਵੀ ਇਸ ਔਖੀ ਘੜੀ ਵਿਚ ਹੱਥ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਤਾਂ ਮਾਲ ਮਹਿਕਮੇ ਦੇ ਪਟਵਾਰੀਆਂ, ਕਾਨੂੰਨਗੋ, ਨਾਇਬ ਤਹਿਸੀਲਦਾਰ, ਤਹਿਸੀਲਦਾਰ, ਰਜਿਸਟਰਾਰਾਂ ਵਲੋਂ 'ਸਰਵਣ ਪੁੱਤਰਾਂ' ਵਾਂਗ ਸੇਵਾ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਨਾਲ ਗੱਲਬਾਤ ਦੌਰਾਨ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਸੀ।

ਕਾਂਗੜ ਨੇ ਕਿਹਾ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਚ ਜੋ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੰਤਿਮ ਸੰਸਕਾਰ ਕਰ ਕੇ ਸੇਵਾ ਕਰਕੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਇਆ ਹੈ।ਉਨ੍ਹਾਂ ਕਿਹਾ ਕਿ ਇਹ ਸੰਕਟ ਦੀ ਘੜੀ ਸਮਾਪਤ ਹੋਣ ਤੋਂ ਬਾਅਦ ਕਰੋਨਾ ਵਿਰੁੱਧ ਲੜੀ ਜਾ ਰਹੀ ਲੜਾਈ ਦੌਰਾਨ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸੇਵਾ ਦੀਆਂ ਮਿਸਾਲਾਂ ਕਾਇਮ ਕਰਨਗੇ। ਉਨ੍ਹਾਂ ਦਾ ਰਾਜ ਪੱਧਰੀ ਸਮਾਗਮ ਵਿੱਚ ਸਨਮਾਨ ਕੀਤਾ ਜਾਵੇਗਾ।

Posted By: Tejinder Thind