ਕਾਂਗਰਸ ਤੇ ਆਪ ਦੀਆਂ ਨੀਤੀਆਂ ਕਾਰਨ ਰੰਗਲਾ ਪੰਜਾਬ ਬਣਿਆ ਕੰਗਲਾ ਪੰਜਾਬ : ਸੈਣੀ
ਕਾਂਗਰਸ ਅਤੇ ਆਪ ਦੀਆਂ ਨੀਤੀਆਂ ਕਾਰਨ ਰੰਗਲਾ ਪੰਜਾਬ ਬਣਿਆ ਕੰਗਲਾ ਪੰਜਾਬ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
Publish Date: Sat, 17 Jan 2026 07:10 PM (IST)
Updated Date: Sat, 17 Jan 2026 07:13 PM (IST)

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਰੰਗਲਾ ਪੰਜਾਬ ਕੰਗਲਾ ਪੰਜਾਬ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਜਨਤਾ ਦੇ ਹਿੱਤਾਂ ਨਾਲ ਨਹੀਂ, ਸਗੋਂ ਸਿਰਫ ਆਪਣੀ ਸਿਆਸੀ ਮਲਾਈ ਚੱਟਣ ਵਿੱਚ ਰੁੱਝੀਆਂ ਰਹੀਆਂ ਹਨ, ਜਿਸ ਕਾਰਨ ਪੰਜਾਬ ਵਿਕਾਸ ਦੇ ਮਾਮਲੇ ਵਿੱਚ ਕਾਫੀ ਪਿੱਛੇ ਰਹਿ ਗਿਆ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਵਿੱਚ ਭਵਿੱਖ ਨੂੰ ਲੈ ਕੇ ਡਰ ਅਤੇ ਅਨਿਸ਼ਚਿਤਤਾ ਦਾ ਮਾਹੌਲ ਹੈ। ਲੋਕਾਂ ਨੂੰ ਹੁਣ ਇਹ ਯਕੀਨ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੀ ਪੰਜਾਬ ਦਾ ਸਹੀ ਵਿਕਾਸ ਸੰਭਵ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੇ ਪੰਜਾਬ ਨੂੰ ਹਾਸ਼ੀਏ ’ਤੇ ਧੱਕਿਆ ਅਤੇ ਆਪ ਨੇ ਸੱਤਾ ਵਿੱਚ ਆ ਕੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕਾਂਗਰਸ ਅਤੇ ਆਪ ਨੇ ਮਿਲ ਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਸਨ, ਉਸ ਵੇਲੇ ਉਹ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਂਦੇ ਰਹੇ। ਹੁਣ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਆਪ ਦੀ ਸਰਕਾਰ ਹੋਣ ਦੇ ਬਾਵਜੂਦ ਨਾ ਤਾਂ ਕਿਸਾਨਾਂ ਲਈ ਕੋਈ ਢੁੱਕਵੇਂ ਕਦਮ ਚੁੱਕੇ ਗਏ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਵਾਸਤਵਿਕ ਰਾਹਤ ਮਿਲੀ। ਹੜ੍ਹਾਂ ਦੇ ਮਾਮਲੇ ’ਚ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਵਾਅਦੇ ਕੀਤੇ, ਇੱਥੋਂ ਤੱਕ ਕਿ ਮੁਰਗੀ ਤੱਕ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ, ਪਰ ਜ਼ਮੀਨੀ ਪੱਧਰ ’ਤੇ ਕੁਝ ਵੀ ਨਹੀਂ ਹੋਇਆ। ਉਨ੍ਹਾਂ ਮੁਆਵਜ਼ੇ ਦੀ ਰਕਮ ’ਚ ਵੱਖ-ਵੱਖ ਬਿਆਨਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਕਾਂਗਰਸ ਨੂੰ ਕਿਸਾਨਾਂ ਦੀ ਮੌਜੂਦਾ ਹਾਲਤ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 55 ਸਾਲਾਂ ਦੇ ਸ਼ਾਸਨ ਦੌਰਾਨ ਕਾਂਗਰਸ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਡਬਲ ਇੰਜਨ ਸਰਕਾਰ ਹੇਠ ਹਰਿਆਣਾ ਵਿੱਚ ਕਿਸਾਨਾਂ ਲਈ ਕਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਜਿੱਥੇ ਆਪਣੀ ਗੱਲ ਨਹੀਂ ਬਣਦੀ, ਉੱਥੇ ਆਪਸ ਵਿੱਚ ਸਮਝੌਤਾ ਕਰ ਲੈਂਦੀਆਂ ਹਨ। ਪੰਜਾਬ ਦੌਰਿਆਂ ਬਾਰੇ ਪੁੱਛੇ ਸਵਾਲ ’ਤੇ ਸੈਣੀ ਨੇ ਕਿਹਾ ਕਿ ਉਹ ਇੱਕ ਆਮ ਕਾਰਕੁਨ ਵਜੋਂ ਪਾਰਟੀ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ।