ਟ੍ਰੈਫਿਕ ਲਾਈਟ ਬੰਦ ਕਰਨ ਦੇ ਵਿਰੋਧ ’ਚ ਪਿੰਡ ਬੁੜੈਲ ਦੇ ਲੋਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ
ਟਰੈਫਿਕ ਲਾਈਟ ਬੰਦ ਕਰਨ ਦੇ ਵਿਰੋਧ ਵਿੱਚ ਪਿੰਡ ਬੁੜੈਲ ਦੇ ਲੋਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ
Publish Date: Fri, 06 Feb 2026 07:51 PM (IST)
Updated Date: Fri, 06 Feb 2026 07:53 PM (IST)

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਪਿੰਡ ਬੁੜੈਲ ਦੇ ਵਸਨੀਕਾਂ ਨੇ ਸੈਕਟਰ 33 ਅਤੇ ਸੈਕਟਰ 45 ਦੇ ਵਿਚਕਾਰ ਸਥਿਤ ਟਰੈਫਿਕ ਲਾਈਟ ਪੁਆਇੰਟ ਨੂੰ ਬੰਦ ਕਰਨ ਦੇ ਵਿਰੋਧ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਟ੍ਰੈਫਿਕ ਲਾਈਟ ਬੰਦ ਹੋਣ ਨਾਲ ਸੈਕਟਰ 33 ਵੱਲ ਆਉਣ-ਜਾਣ ’ਚ ਭਾਰੀ ਦਿੱਕਤਾਂ ਪੈਦਾ ਹੋਣਗੀਆਂ ਅਤੇ ਪਹਿਲਾਂ ਹੀ ਰੁਝੇਵਿਆਂ ਭਰੇ ਇਸ ਰਾਹ ’ਤੇ ਟ੍ਰੈਫਿਕ ਜਾਮ ਦੀ ਸਮੱਸਿਆ ਹੋਰ ਗੰਭੀਰ ਹੋ ਜਾਵੇਗੀ। ਸਥਾਨਕ ਵਸਨੀਕਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਬਿਨਾਂ ਕਿਸੇ ਸੂਚਨਾ ਅਤੇ ਸਥਾਨਕ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤੇ ਇਹ ਫ਼ੈਸਲਾ ਲਿਆ ਹੈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। ਪ੍ਰਦਰਸ਼ਨ ਦੌਰਾਨ ਲੋਕਾਂ ਨੇ ਟ੍ਰੈਫਿਕ ਲਾਈਟ ਪੌਇੰਟ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ’ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਸਥਾਨਕ ਨਿਵਾਸੀਆਂ ਨਾਲ ਸਲਾਹ ਕੀਤੇ ਬਿਨਾਂ ਇਸ ਤਰ੍ਹਾਂ ਦਾ ਫ਼ੈਸਲਾ ਲੈਣਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪਿੰਡ ਬੁੜੈਲ ਦੇ ਲੋਕ ਪਹਿਲਾਂ ਹੀ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਟਰੈਫਿਕ ਲਾਈਟ ਬੰਦ ਹੋਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਕਾਂਗਰਸ ਪਾਰਟੀ ਪਿੰਡ ਵਾਸੀਆਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਈ ਪ੍ਰਸ਼ਾਸਨ ’ਤੇ ਦਬਾਅ ਬਣਾਏਗੀ। ਚੰਡੀਗੜ੍ਹ ਯੂਥ ਕਾਂਗਰਸ ਦੇ ਸਟੇਟ ਜਨਰਲ ਸਕੱਤਰ ਸੰਦੀਪ ਗੁਰਜਰ ਨੇ ਪ੍ਰਸ਼ਾਸਨ ਦੇ ਫ਼ੈਸਲੇ ਨੂੰ ਪੂਰੀ ਤਰ੍ਹਾਂ ਲੋਕ -ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਟਰੈਫਿਕ ਲਾਈਟ ਹਟਣ ਨਾਲ ਨਾ ਸਿਰਫ਼ ਸਥਾਨਕ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ, ਸਗੋਂ ਇਸ ਇਲਾਕੇ ਵਿੱਚ ਟਰੈਫਿਕ ਜਾਮ ਅਤੇ ਸੜਕ ਹਾਦਸਿਆਂ ਦੀ ਸੰਭਾਵਨਾ ਵੀ ਵੱਧ ਜਾਵੇਗੀ। ਉਨ੍ਹਾਂ ਟਰੈਫਿਕ ਲਾਈਟ ਪੌਇੰਟ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਭਾਜਪਾ ਕੌਂਸਲਰ ਕੰਵਰਜੀਤ ਸਿੰਘ ਵੀ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਪਿੰਡ ਵਾਸੀਆਂ ਦੇ ਹੱਕ ਵਿੱਚ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਮਸਲਾ ਸਿੱਧੇ ਤੌਰ ’ਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਸਹੂਲਤ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਵੀ ਟਰੈਫਿਕ ਲਾਈਟ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ।