ਕੋਟਕਪੂਰਾ ਗੋਲੀਕਾਂਡ ਤਹਿਤ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਏ ਸੁਖਬੀਰ
ਕੋਟਕਪੂਰਾ ਗੋਲੀਕਾਂਡ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਸੁਖਬੀਰ ਬਾਦਲ
Publish Date: Thu, 03 Sep 2026 09:10 PM (IST)
Updated Date: Fri, 04 Sep 2026 04:07 AM (IST)
ਤਰੁਣ ਭਜਨੀ, ਪੰਜਾਬੀ ਜਾਗਰਣ ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਇਹ ਮਾਮਲਾ ਚੰਡੀਗੜ੍ਹ ’ਚ ਤਬਦੀਲ ਕੀਤਾ ਗਿਆ ਹੈ। ਹਾਲ ਹੀ ’ਚ ਸੁਖਬੀਰ ਬਾਦਲ ਅਦਾਲਤ ਤੋਂ ਮਨਜ਼ੂਰੀ ਲੈ ਕੇ ਵਿਦੇਸ਼ ਗਏ ਸਨ। ਵਾਪਸ ਆ ਕੇ ਉਨ੍ਹਾਂ ਅਦਾਲਤ ’ਚ ਪੇਸ਼ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਮੌਜੂਦ ਸਨ। ਮੁੱਖ ਮੰਤਰੀ ਤੋਂ ਲੈ ਕੇ ਡੀਜੀਪੀ ਤੱਕ ਸਨ ਮੁਲਜ਼ਮ ਏਡੀਜੀਪੀ ਐਲਕੇ ਯਾਦਵ ਦੀ ਐੱਸਆਈਟੀ ਨੇ ਫਰਵਰੀ 2023 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਛੇ ਪੁਲਿਸ ਅਧਿਕਾਰੀਆਂ ਸਮੇਤ ਹੋਰ ਮੁਲਜ਼ਮਾਂ ਖ਼ਿਲਾਫ਼ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਚਲਾਨ ਪੇਸ਼ ਕੀਤਾ ਸੀ। ਇਸ ਮਾਮਲੇ ’ਚ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਨਾਮ ਵੀ ਸ਼ਾਮਲ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਬੰਦ ਕਰ ਦਿੱਤਾ ਗਿਆ ਸੀ।