ਤਿਉਹਾਰੀ ਸੀਜ਼ਨ ਤੋਂ ਪਹਿਲਾਂ ਬਾਜ਼ਾਰਾਂ ’ਚ ਟ੍ਰੈਫਿਕ ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਬਾਜ਼ਾਰਾਂ ਵਿੱਚ ਟ੍ਰੈਫਿਕ ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ
Publish Date: Wed, 14 Oct 2026 05:52 PM (IST)
Updated Date: Wed, 14 Oct 2026 05:54 PM (IST)
ਚੰਡੀਗੜ੍ਹ ਵਪਾਰ ਮੰਡਲ ਨੇ ਐੱਸਐੱਸਪੀ ਟ੍ਰੈਫਿਕ ਤੇ ਐੱਸਐੱਸਪੀ ਚੰਡੀਗੜ੍ਹ ਨੂੰ ਸੌਂਪੇ ਮੰਗ ਪੱਤਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਆਗਾਮੀ ਤਿਉਹਾਰੀ ਸੀਜ਼ਨ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਖਰੀਦਦਾਰਾਂ ਦੀ ਹੋਣ ਵਾਲੀ ਭਾਰੀ ਭੀੜ ਨੂੰ ਦੇਖਦਿਆਂ ਚੰਡੀਗੜ੍ਹ ਵਪਾਰ ਮੰਡਲ (ਸੀਬੀਐੱਮ) ਨੇ ਟ੍ਰੈਫਿਕ ਵਿਵਸਥਾ ਸੁਚਾਰੂ ਬਣਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਸੰਜੀਵ ਚੱਢਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਐੱਸਐੱਸਪੀ ਟ੍ਰੈਫਿਕ ਸੁਮੇਰ ਪ੍ਰਤਾਪ ਸਿੰਘ ਅਤੇ ਐੱਸਐੱਸਪੀ ਚੰਡੀਗੜ੍ਹ ਕੰਵਰਦੀਪ ਕੌਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪੇ। ਵਫ਼ਦ ਨੇ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਖਰੀਦਦਾਰਾਂ ਦੀ ਭੀੜ ਅਤੇ ਵਾਹਨਾਂ ਦੀ ਵਧਦੀ ਆਵਾਜਾਈ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਹੈ। ਇਸ ਤੋਂ ਇਲਾਵਾ ਸੁਰੱਖਿਆ ਸਬੰਧੀ ਚੁਣੌਤੀਆਂ ਵੀ ਵਧ ਜਾਂਦੀਆਂ ਹਨ। ਇਸ ਲਈ ਸਮੇਂ ਸਿਰ ਢੁੱਕਵੇਂ ਪ੍ਰਬੰਧ ਕਰਨਾ ਜ਼ਰੂਰੀ ਹੈ। ਵਪਾਰ ਮੰਡਲ ਨੇ ਮੰਗ ਕੀਤੀ ਕਿ ਸਾਰੇ ਬਾਜ਼ਾਰਾਂ ਵਿੱਚ ਸੜਕਾਂ ’ਤੇ ਰੋਡ ਮਾਰਕਿੰਗ ਕਰਵਾਈ ਜਾਵੇ ਅਤੇ ਸ਼ਾਮ ਦੇ ਵਿਅਸਤ ਸਮੇਂ ਦੌਰਾਨ ਪ੍ਰਮੁੱਖ ਬਾਜ਼ਾਰਾਂ ਵਿੱਚ ਟ੍ਰੈਫਿਕ ਪੁਲਿਸ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ। ਤਿਉਹਾਰਾਂ ਦੇ ਦਿਨਾਂ ਵਿੱਚ ਵਾਧੂ ਪਾਰਕਿੰਗ ਲਈ ਨੇੜਲੇ ਖਾਲੀ ਸਥਾਨਾਂ ਅਤੇ ਮੈਦਾਨਾਂ ਦੀ ਵਰਤੋਂ ਕਰਨ ਦੇ ਨਾਲ-ਨਾਲ ਨਿਰਧਾਰਤ ਪਾਰਕਿੰਗ ਥਾਵਾਂ ’ਤੇ ਕਬਜ਼ਾ ਕਰਨ ਵਾਲੇ ਅਣਅਧਿਕਾਰਤ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਵਾਹਨਾਂ ਦੇ ਦਾਖ਼ਲੇ ਅਤੇ ਬਾਹਰ ਨਿਕਲਣ ਦੀ ਵਿਵਸਥਾ ਸੁਚਾਰੂ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਸੁਰੱਖਿਆ ਪ੍ਰਬੰਧਾਂ ਬਾਰੇ ਵਫ਼ਦ ਨੇ ਮੰਗ ਕੀਤੀ ਕਿ ਬਾਜ਼ਾਰਾਂ ਵਿੱਚ ਪੁਲਿਸ ਬੀਟ ਅਤੇ ਪੈਦਲ ਗਸ਼ਤ ਵਧਾਈ ਜਾਵੇ। ਬੀਟ ਅਧਿਕਾਰੀਆਂ ਦਾ ਸਬੰਧਤ ਮਾਰਕੀਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨਾਲ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾਵੇ। ਦੁਕਾਨਾਂ ਬੰਦ ਹੋਣ ਤੱਕ ਦੇਰ ਸ਼ਾਮ ਤੱਕ ਪੁਲਿਸ ਦੀ ਮੌਜੂਦਗੀ ਬਣਾਈ ਰੱਖਣ ਅਤੇ ਪੀਸੀਆਰ ਸਮੇਤ ਪੁਲਿਸ ਦੀ ਨਿਯਮਤ ਤੇ ਪ੍ਰਭਾਵਸ਼ਾਲੀ ਗਸ਼ਤ ਕਰਨ ਦੀ ਮੰਗ ਵੀ ਕੀਤੀ ਗਈ। ਵਫ਼ਦ ਨੇ ਬਾਜ਼ਾਰਾਂ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣ ’ਤੇ ਵੀ ਜ਼ੋਰ ਦਿੱਤਾ। ਦੋਵਾਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਰੱਖਣ ਅਤੇ ਸੁਰੱਖਿਆ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਵਪਾਰੀਆਂ ਅਤੇ ਮਾਰਕੀਟ ਐਸੋਸੀਏਸ਼ਨਾਂ ਲਈ ਜਾਰੀ ਸੁਰੱਖਿਆ ਐਡਵਾਈਜ਼ਰੀ ਵੀ ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਸੰਜੀਵ ਚੱਢਾ ਨੂੰ ਸੌਂਪੀ ਗਈ, ਤਾਂ ਜੋ ਇਸ ਨੂੰ ਸਾਰੀਆਂ ਮਾਰਕੀਟ ਐਸੋਸੀਏਸ਼ਨਾਂ ਤੱਕ ਪਹੁੰਚਾ ਕੇ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਵਫ਼ਦ ’ਚ ਚੰਡੀਗੜ੍ਹ ਵਪਾਰ ਮੰਡਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ, ਵਿੱਤ ਸਕੱਤਰ ਰਾਧੇ ਲਾਲ ਬਜਾਜ, ਮੀਤ ਪ੍ਰਧਾਨ ਨਵਦੀਪ ਸ਼ਰਮਾ ਤੇ ਕਾਰਜਕਾਰਨੀ ਮੈਂਬਰ ਰਵਿੰਦਰ ਸਿੰਘ ਬਿੱਲਾ ਸ਼ਾਮਲ ਸਨ।