- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤਮਾਲਾ ਪ੍ਰੋਜੈਕਟ ਵਿੱਚ ਕਥਿਤ ਘੁਟਾਲਿਆਂ ਦੀ ਜਾਂਚ ਤਿੰਨ ਸਾਲਾਂ ਤੋਂ ਲਟਕੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਭਾਰਤਮਾਲਾ ਪ੍ਰੋਜੈਕਟ ਤਹਿਤ ਆਈਟੀ ਸਿਟੀ ਤੋਂ ਕੁਰਾਲੀ ਤੱਕ ਬਣਾਏ ਜਾ ਰਹੇ ਸੜਕ ਮਾਰਗ ਵਿੱਚ ਕਥਿਤ ਘੁਟਾਲਿਆਂ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਜਾਂਚ ਕਿਸਾਨ ਆਗੂ ਅਤੇ ਨੈਸ਼ਨਲ ਐਂਟੀ ਕਰੱਪਸ਼ਨ ਐਂਡ ਐਂਟੀ ਡਰੱਗ ਪ੍ਰੋਟੈਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਬੀਰ ਸਿੰਘ ਗਰੇਵਾਲ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਹੋ ਰਹੀ ਹੈ। ਗਰੇਵਾਲ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਤਿੰਨ ਸਾਲ ਬੀਤਣ ਦੇ ਬਾਵਜੂਦ ਜਾਂਚ ਕਿਸੇ ਨਤੀਜੇ ’ਤੇ ਨਹੀਂ ਪਹੁੰਚੀ। ਗਰੇਵਾਲ ਅਨੁਸਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਵੱਲੋਂ ਜ਼ਮੀਨ ਐਕਵਾਇਰ ਕਰਨ ਸਬੰਧੀ ਕਾਨੂੰਨ ਦੀਆਂ ਧਾਰਾਵਾਂ 3ਏ ਅਤੇ 3ਡੀ ਦੀ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਬੰਧਤ ਅਧਿਕਾਰੀਆਂ ਨੇ ਪ੍ਰਾਪਰਟੀ ਡੀਲਰਾਂ ਅਤੇ ਸਿਆਸੀ ਵਿਅਕਤੀਆਂ ਨਾਲ ਮਿਲੀਭੁਗਤ ਕਰ ਕੇ ਮੋਹਾਲੀ ਤਹਿਸੀਲ ਦੇ ਪਿੰਡ ਗੋਬਿੰਦਗੜ੍ਹ ਵਿੱਚ ਐੱਨਐੱਚਏਆਈ ਲਈ ਐਕਵਾਇਰ ਕੀਤੀ ਜਾ ਚੁੱਕੀ ਜ਼ਮੀਨ ਦੀ ਰਜਿਸਟਰੀ ਕਥਿਤ ਤੌਰ ’ਤੇ ਨਿੱਜੀ ਵਿਅਕਤੀਆਂ ਦੇ ਨਾਂ ਕਰਵਾ ਦਿੱਤੀ। ਉਨ੍ਹਾਂ ਮੁਤਾਬਿਕ ਇਸ ਤੋਂ ਬਾਅਦ ਜਲਦਬਾਜ਼ੀ ਵਿੱਚ ਇੰਤਕਾਲ ਵੀ ਦਰਜ ਕਰ ਦਿੱਤਾ ਗਿਆ।