ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੌਵੀਂ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੌਵੀਂ ਬੱਸ ਰਵਾਨਾ, ਵਿਧਾਇਕ ਰੰਧਾਵਾ ਨੇ ਸੰਗਤ ਨੂੰ ਦਿੱਤੀਆਂ ਸ਼ੁਭਕਾਮਨਾਵਾਂ
Publish Date: Sat, 07 Mar 2026 05:49 PM (IST)
Updated Date: Sat, 07 Mar 2026 05:51 PM (IST)

ਵਿਧਾਇਕ ਰੰਧਾਵਾ ਨੇ ਸੰਗਤ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਨਿੱਚਰਵਾਰ ਨੂੰ ਹਲਕਾ ਡੇਰਾਬੱਸੀ ਦੇ ਪਿੰਡ ਹੈਬਤਪੁਰ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਨੌਵੀਂ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖ਼ੁਦ ਮੌਜੂਦ ਰਹਿ ਕੇ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਯਾਤਰਾ ’ਤੇ ਜਾ ਰਹੀ ਸੰਗਤ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ ਅਤੇ ਇਸ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਰਾਮਦਾਇਕ ਬੱਸਾਂ, ਰਹਿਣ-ਸਹਿਣ ਦੀ ਵਧੀਆ ਵਿਵਸਥਾ, ਭੋਜਨ, ਸੁਰੱਖਿਆ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਤੋਂ ਇਲਾਵਾ ਅਤੇ ਹੋਰ ਇਤਿਹਾਸਕ ਅਤੇ ਅਹਿਮ ਸਥਾਨਾਂ ਜਿਵੇਂ ਕਿ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਵੀ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਲੋਕ-ਕੇਂਦਰਿਤ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਮੌਕੇ ਇਲਾਕੇ ਦੀ ਸੰਗਤ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ।