ਮੀਟਿੰਗ ਦਾ ਭਰੋਸਾ ਦੇ ਕੇ ਵੀ ਨਹੀਂ ਪਹੁੰਚਿਆ ਕੋਈ ਮੁੱਖ ਅਧਿਕਾਰੀ ਮੀਟਿੰਗ ਦਾ ਭਰੋਸਾ ਦੇ ਕੇ ਵੀ ਨਹੀਂ ਪਹੁੰਚਿਆ ਕੋਈ ਮੁੱਖ ਅਧਿਕਾਰੀ, ਸੇਵਾ ਕੇਂਦਰ ਮੁਲਾਜ਼ਮਾਂ ’ਚ ਭਾਰੀ ਰੋਸ,,
Publish Date: Fri, 27 Nov 2026 08:33 PM (IST)
Updated Date: Fri, 27 Nov 2026 08:34 PM (IST)
-ਮੰਗਾਂ ਦੇ ਹੱਲ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਦਿੱਤੇ ਰੋਸ ਧਰਨੇ ਅਮਰਜੀਤ ਸਿੰਘ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 26 ਨਵੰਬਰ ਨੂੰ ਸੰਗਰੂਰ ਵਿਖੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰੰਤੂ ਨਿਰਧਾਰਤ ਮੀਟਿੰਗ ’ਚ ਕੋਈ ਵੀ ਮੁੱਖ ਅਧਿਕਾਰੀ ਹਾਜ਼ਰ ਨਹੀਂ ਹੋਇਆ। ਸਰਕਾਰ ਦੇ ਇਸ ਰਵੱਈਏ ਤੋਂ ਖ਼ਫ਼ਾ ਸੇਵਾ ਕੇਂਦਰ ਮੁਲਾਜ਼ਮਾਂ ’ਚ ਪੰਜਾਬ ਭਰ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸਰਕਾਰ ਵੱਲੋਂ ਮੀਟਿੰਗ ਦਾ ਭਰੋਸਾ ਦੇਣ ਦੇ ਬਾਵਜੂਦ ਅਧਿਕਾਰੀਆਂ ਦੇ ਨਾ ਪਹੁੰਚਣ ਦੇ ਵਿਰੋਧ ’ਚ ਸ਼ੁੱਕਰਵਾਰ ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਰੋਸ ਧਰਨੇ ਦੇ ਕੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਭਰੋਸੇ ਦੇਣ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਜਿਹਾ ਗ਼ੈਰ-ਜ਼ਿੰਮੇਵਾਰਾਨਾ ਰਵੱਈਆ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੋਰ ਗੰਭੀਰ ਬਣਾ ਰਿਹਾ ਹੈ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ, ਤਨਖਾਹਾਂ ’ਚੋਂ ਕੀਤੀਆਂ ਜਾ ਰਹੀਆਂ ਗ਼ੈਰ-ਵਾਜਬ ਕਟੌਤੀਆਂ ਬੰਦ ਕਰਕੇ ਪਹਿਲਾਂ ਕੀਤੀਆਂ ਕਟੌਤੀਆਂ ਵਾਪਸ ਕੀਤੀਆਂ ਜਾਣ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੋਰ ਸਮੱਸਿਆਵਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।