ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ: ਮੁਲਾਜ਼ਮਾਂ ਦੀ ਕੋਈ ਵੀ ਜਾਇਜ਼ ਮੰਗ ਅਣਗੌਲੀ ਨਹੀਂ ਕੀਤੀ ਜਾਵੇਗੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਉਨ੍ਹਾਂ ਨੇ ਸੋਮਵਾਰ ਨੂੰ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਵੱਖ-ਵੱਖ ਮੁਲਾਜ਼ਮ ਅਤੇ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ।
Publish Date: Tue, 09 Jun 2026 08:37 AM (IST)
Updated Date: Tue, 09 Jun 2026 08:39 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਉਨ੍ਹਾਂ ਨੇ ਸੋਮਵਾਰ ਨੂੰ ਸਿੱਖਿਆ ਵਿਭਾਗ ਨਾਲ ਸਬੰਧਤ ਪੰਜ ਵੱਖ-ਵੱਖ ਮੁਲਾਜ਼ਮ ਅਤੇ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ।
ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਕਿਸੇ ਵੀ ਜਾਇਜ਼ ਮੰਗ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਮੁਲਾਜ਼ਮ ਜਥੇਬੰਦੀਆਂ ਨਾਲ ਸਾਰਥਕ ਸੰਵਾਦ ਕਾਇਮ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਲੱਭਣਾ ਹੈ।
ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ। ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਪ੍ਰਸ਼ਾਸਨਿਕ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪ੍ਰਭਾਵਿਤ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ।
ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਮੀਟਿੰਗਾਂ ਵਿੱਚ ਬੇਰੁਜ਼ਗਾਰ ਪੀ.ਐੱਸ.ਟੀ.ਈ.ਟੀ. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਅਤੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਤੀਨਿਧ ਮੰਡਲਾਂ ਨੇ ਹਿੱਸਾ ਲਿਆ ਅਤੇ ਆਪਣੇ ਮਸਲੇ ਸਰਕਾਰ ਦੇ ਧਿਆਨ ਵਿੱਚ ਲਿਆਂਦੇ।
ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਅਤੇ ਅਧਿਆਪਕਾਂ ਨਾਲ ਨਿਯਮਤ ਸੰਵਾਦ ਜਾਰੀ ਰੱਖੇਗੀ ਅਤੇ ਕਾਨੂੰਨੀ ਤੇ ਵਿੱਤੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਯਤਨ ਕਰੇਗੀ।