ਡੇਰਾਬੱਸੀ ਵਿਚ 13 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
ਡੇਰਾਬੱਸੀ ਵਿਚ 13 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
Publish Date: Mon, 18 May 2026 10:34 PM (IST)
Updated Date: Mon, 18 May 2026 10:36 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਨਗਰ ਕੌਂਸਲ ਦੀ ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਪੜਤਾਲ ਪੂਰੀ ਹੋਣ ਮਗਰੋਂ 13 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਸ਼ਹਿਰ ਦੇ ਕੁੱਲ 19 ਵਾਰਡਾਂ ਵਿਚੋਂ ਵੱਖ-ਵੱਖ ਪਾਰਟੀਆਂ ਦੇ 162 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸੀ। ਇਨ੍ਹਾਂ ਵਿਚੋਂ 13 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਮਗਰੋਂ ਹੁਣ ਮੈਦਾਨ ਵਿਚ 149 ਉਮੀਦਵਾਰ ਰਹਿ ਗਏ ਹਨ। ਇਨ੍ਹਾਂ ਵਿਚ ਮੁੱਖ ਉਮੀਦਵਾਰਾਂ ਦੇ ਕਵਰਿੰਗ ਉਮੀਦਵਾਰ ਵੀ ਸ਼ਾਮਲ ਹਨ, ਜਿਨ੍ਹਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਅਸਲੀ ਤਸਵੀਰ ਸਾਹਮਣੇ ਆਏਗੀ। ਵਾਰਡ ਨੰਬਰ 19 ਵਿਚ ਵਿਰੋਧੀ ਸਾਰੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਜਦਕਿ ਉੱਥੋਂ ਸਿਰਫ਼ ਆਮ ਆਦਮੀ ਪਾਰਟੀ ਦੇ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਮਨਜ਼ੂਰ ਕੀਤੇ ਗਏ ਹਨ। ਇਸ ਨੂੰ ਲੈ ਕੇ ਵਿਰੋਧ ਪਾਰਟੀ ਦੇ ਉਮੀਦਵਾਰਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਸਿਆਸੀ ਦਬਾਅ ਹੇਠ ਨਾਮਜ਼ਦਗੀ ਪੱਤਰ ਰੱਦ ਕਰਨ ਦਾ ਦੋਸ਼ ਲਾਉਂਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਐੱਸਡੀਐੱਮ-ਕਮ-ਰਿਟਰਨਿੰਗ ਅਫ਼ਸਰ ਅਮਿਤ ਗੁਪਤਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਕਾਲੀ ਦਲ ਦੀ ਉਮੀਦਵਾਰ ਬਲਵਿੰਦਰ ਕੌਰ ਅਤੇ ਕਾਂਗਰਸ ਦੀ ਉਮੀਦਵਾਰ ਕੁਲਵਿੰਦਰ ਕੌਰ ਦੇ ਪਤੀ ਜਸਪਾਲ ਸਿੰਘ ਪਾਲੀ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਦਬਾਅ ਹੇਠ ਰਿਟਰਨਿੰਗ ਅਫ਼ਸਰ ਨੇ ਵਿਰੋਧੀਆਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ ਕਿਉਂਕਿ ਉੱਥੇ ਹਲਕਾ ਵਿਧਾਇਕ ਦਾ ਇਕ ਰਿਸ਼ਤੇਦਾਰ ਚੋਣ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਇਸ ਤੋਂ ਇਲਾਵਾ ਵਾਰਡ ਨੰ. 1 ਤੋਂ ਅਕਾਲੀ ਦਲ ਦੇ ਉਮੀਦਵਾਰ ਅਸ਼ੋਕ ਕੁਮਾਰ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ। ਇਸ ਮਗਰੋਂ ਹੁਣ ਇਸ ਵਾਰਡ ਵਿਚੋਂ ਸਿਰਫ਼ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰ ਹੀ ਮੈਦਾਨ ਵਿਚ ਰਹਿ ਗਏ ਹਨ। ਅਕਾਲੀ ਦਲ ਚੋਣਾਂ ਤੋਂ ਪਹਿਲਾਂ ਹੀ ਵਾਰਡ ਨੰ. 1 ਵਿਚੋਂ ਬਾਹਰ ਹੋ ਗਈ ਹੈ। ਐੱਸਡੀਐੱਮ-ਕਮ-ਰਿਟਰਨਿੰਗ ਅਫ਼ਸਰ ਅਮਿਤ ਗੁਪਤਾ ਨੇ ਜਿਨ੍ਹਾਂ ਉਮੀਦਵਾਰਾਂ ਦੇ ਦਸਤਾਵੇਜ਼ਾਂ ਵਿਚ ਕਮੀ ਪਾਈ ਗਈ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਹੇਠ ਕੰਮ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ਼ ਕਰ ਦਿੱਤਾ।