ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਮਹਿਰਾਜ ਰੈਲੀ ਵਿਚ ਕੁਝ ਅਨਸਰਾਂ ਵੱਲੋਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਸਟੇਜ ਤੋਂ ਧਮਕੀਆਂ ਦੇਣ ਦਾ ਨੋਟਿਸ ਲਿਆ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈਅ ਸਿੰਘ ਢੁੱਡੀਕੈ ਨੇ ਕਿਹਾ ਕਿ ਇਹ ਅਨਸਰ, ਕਿਸਾਨ ਅੰਦੋਲਨ ਨੂੰ ਖਿੰਡਾਉਣ ਲਈ ਸਰਕਾਰ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਤੇ ਕਿਸਾਨ ਆਗੂਆਂ ਨੂੰ ਧਮਕਾ ਰਹੇ ਹਨ। ਉਨ੍ਹਾਂ ਕਿਹਾ ਕਿ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਕੋਈ ਵਿਅਕਤੀ ਨਹੀਂ, ਲਹਿਰ ਦਾ ਮੁੱਖ ਆਗੂ ਹੈ। ਉਸ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਢੁਕਵਾਂ ਜੁਆਬ ਦਿੱਤਾ ਜਾਵੇਗਾ।

ਮਹਿਰਾਜ ਰੈਲੀ ਦੇ ਭੇਤ ਖੋਲ੍ਹਦਿਆਂ ਉਨ੍ਹਾਂ ਕਿਹਾ ਕਿ ਇਹ ਰੈਲੀ, ਹਾਕਮ ਜਮਾਤਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਤੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਵਾਲੀਆਂ ਸ਼ਕਤੀਆਂ ਦੇ ਇਸ਼ਾਰੇ 'ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਤਰਸੇਮ ਪੀਟਰ ਤੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਨ੍ਹਾਂ ਧਮਕੀਆਂ ਦਾ ਜ਼ੋਰਦਾਰ ਵਿਰੋਧ ਕੀਤਾ।

Posted By: Susheel Khanna