ਵਪਾਰੀਆਂ ਦੇ ਲੰਬਿਤ ਕੰਮਾਂ ਦਾ ਨਿਪਟਾਰਾ ਕਰਨ ਅਧਿਕਾਰੀ : ਡੀਸੀ ਵਪਾਰੀਆਂ ਦੇ ਲੰਬਿਤ ਕੰਮਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਅਧਿਕਾਰੀ,
Publish Date: Mon, 03 Aug 2026 05:57 PM (IST)
Updated Date: Tue, 04 Aug 2026 04:02 AM (IST)
ਡੀਸੀ ਕੋਮਲ ਮਿੱਤਲ ਨੇ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੀ ਕੀਤੀ ਸਮੀਖਿਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਦੀ ਮੌਜੂਦਗੀ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲ ਲੰਬਿਤ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਲੰਬਿਤ ਸਮੱਸਿਆਵਾਂ ਬਾਰੇ ਸਮੀਖਿਆ ਕੀਤੀ। ਇਸ ਮੌਕੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਵੀ ਹਾਜ਼ਰ ਸਨ। ਡੀਸੀ ਕੋਮਲ ਮਿੱਤਲ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਮਾਮਲਿਆਂ ਦਾ ਨਿਰਧਾਰਤ ਸਮਾਂ ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਮਾਮਲੇ ਵੱਧ ਗਿਣਤੀ ਵਿਚ ਹਨ, ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਸਥਾਨਕ ਅਤੇ ਜ਼ਿਲ੍ਹਾ ਪੱਧਰ ਤੇ ਸੰਭਵ ਹੈ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਜਦਕਿ ਨੀਤੀਗਤ ਫ਼ੈਸਲਿਆਂ ਨਾਲ ਸਬੰਧਤ ਮਾਮਲੇ ਰਾਜ ਸਰਕਾਰ ਕੋਲ ਉਚਿਤ ਕਾਰਵਾਈ ਲਈ ਭੇਜੇ ਜਾਣਗੇ। ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਉਦਯੋਗਿਕ ਖੇਤਰ ਨਾਲ ਸਬੰਧਤ ਪਹਿਲਾਂ ਉਠਾਏ ਗਏ ਮੁੱਦਿਆਂ ਤੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਸ੍ਰੀਮਤੀ ਮਿੱਤਲ ਨੇ ਸਿਹਤ ਵਿਭਾਗ, ਜਲ ਸਪਲਾਈ ਤੇ ਸੀਵਰੇਜ ਬੋਰਡ, ਮੰਡੀ ਬੋਰਡ ਅਤੇ ਨਗਰ ਨਿਗਮ ਨੂੰ ਵੀ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਛੇਤੀ ਹੱਲ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮਾਰਕੀਟਾਂ ’ਚ ਪਬਲਿਕ ਪਖ਼ਾਨਿਆਂ, ਪਾਰਕਿੰਗਾਂ ਅਤੇ ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਪਾਰੀਆਂ ਦੀਆਂ ਰੋਜ਼ਾਨਾ ਨਾਲ ਸਬੰਧਤ ਛੋਟੀਆਂ-ਛੋਟੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਵੱਲੋਂ ਜਲਦੀ ਹੀ ਸੂਬਾ ਪੱਧਰੀ ਸਮੀਖਿਆ ਕੀਤੀ ਜਾਵੇਗੀ। ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਮਾਮਲਾ ਬਿਨਾਂ ਵਜ੍ਹਾ ਲੰਬਿਤ ਨਾ ਰਹੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਐੱਸਡੀਐੱਮ ਬਨੂੜ ਸ੍ਰੀਮਤੀ ਰਮਨਦੀਪ ਕੌਰ, ਡੀਐੱਸਪੀ ਬਨੂੜ ਸੁਖਦੇਵ ਸਿੰਘ, ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ, ਡੇਰਾਬੱਸੀ ਦੇ ਚੇਅਰਮੈਨ ਅਜੈ ਕੁਮਾਰ, ਬਨੂੜ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਧਮਾਲੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।